ਚੰਡੀਗੜ੍ਹ, 23 ਸਤੰਬਰ- ਪੰਜਾਬ ਸਰਕਾਰ ਅੱਜ (ਮੰਗਲਵਾਰ) ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਇਹ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗੀ। ਹਰੇਕ ਜ਼ਿਲ੍ਹੇ ਵਿਚ 128 ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਰਜਿਸਟ੍ਰੇਸ਼ਨ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਵੋਟਰ ਆਈ.ਡੀ. ਕਾਰਡ, ਪਾਸਪੋਰਟ ਆਕਾਰ ਦੀ ਫੋਟੋ ਦੇ ਨਾਲ ਲਿਆਉਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ 10 ਤੋਂ 15 ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਇਹ ਯੋਜਨਾ ਪੂਰੇ ਪੰਜਾਬ ਵਿਚ ਲਾਗੂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ ਹਰ ਪਰਿਵਾਰ ਨੂੰ ਇਕ ਸਿਹਤ ਕਾਰਡ ਦਿੱਤਾ ਜਾਵੇਗਾ, ਜਿਸ ਨਾਲ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਇਸ ਵਿਚ ਵੱਡੇ ਆਪ੍ਰੇਸ਼ਨ, ਸਰਜਰੀਆਂ ਅਤੇ ਗੰਭੀਰ ਬਿਮਾਰੀਆਂ ਦਾ ਇਲਾਜ ਸ਼ਾਮਿਲ ਹੋਵੇਗਾ। ਇਸ ਯੋਜਨਾ ਵਿਚ ਸਰਕਾਰੀ ਅਤੇ ਨਿੱਜੀ ਦੋਵੇਂ ਹਸਪਤਾਲ ਸ਼ਾਮਿਲ ਹੋਣਗੇ, ਜਿਨ੍ਹਾਂ ਦੀ ਸੂਚੀ ਸਰਕਾਰ ਵਲੋਂ ਜਲਦੀ ਹੀ ਜਾਰੀ ਕੀਤੀ ਜਾਵੇਗੀ।