ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)- ਸੂਬੇ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਕਈ ਸੰਗਠਨ ਕੰਮ ਕਰ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਰਿਲਾਇੰਸ ਫਾਊਂਡੇਸ਼ਨ ਰਾਹਤ ਪ੍ਰਦਾਨ ਕਰਨ ਲਈ ਰਾਜ ਦੇ ਵੱਖ-ਵੱਖ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕਰ ਰਹੀ ਹੈ। ਇਸ ਪਹਿਲਕਦਮੀ ਨੂੰ ਅੱਗੇ ਵਧਾਉਂਦੇ ਹੋਏ ਰਿਲਾਇੰਸ ਦੀ ਇਕ ਟੀਮ ਕਪੂਰਥਲਾ ਅਤੇ ਸੁਲਤਾਨਪੁਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਜ਼ਮੀਨੀ ਪੱਧਰ ’ਤੇ ਜਾ ਰਹੀ ਹੈ।
ਇਹ ਪਹਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਅੱਜ ਸ਼ੁਰੂ ਹੋਈ, ਜਿਥੇ ਵਧੀਕ ਡਿਪਟੀ ਕਮਿਸ਼ਨਰ ਨੇ ਦੁਪਹਿਰ 12 ਵਜੇ ਦੇ ਕਰੀਬ ਰਾਹਤ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵੈਨ ਵਿਚ ਭੋਜਨ, ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਭਰੀ ਹੋਈ ਸੀ, ਜੋ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਵੰਡੀ ਜਾਵੇਗੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਰਿਲਾਇੰਸ ਦੇ ਯਤਨਾਂ ਨੂੰ ਮਦਦਗਾਰ ਦੱਸਦਿਆਂ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਯਤਨ ਇਨ੍ਹਾਂ ਮੁਸ਼ਕਿਲ ਸਮਿਆਂ ਦੌਰਾਨ ਲੋਕਾਂ ਦੇ ਜੀਵਨ ਨੂੰ ਮੁੜ ਸੁਰਜੀਤ ਕਰਨ ਲਈ ਸਮੇਂ ਦੀ ਲੋੜ ਹੈ।
ਇਸ ਦੌਰਾਨ ਰਿਲਾਇੰਸ ਦੇ ਨੁਮਾਇੰਦਿਆਂ ਨੇ ਕਿਹਾ ਕਿ ਰਿਲਾਇੰਸ ਲਗਭਗ 4,000 ਪਰਿਵਾਰਾਂ ਦੇ ਪੁਨਰਵਾਸ ਵਿਚ ਸਹਾਇਤਾ ਕਰਨ ਦੇ ਮਿਸ਼ਨ ਨਾਲ, ਪੰਜਾਬ ਭਰ ਵਿਚ ਪ੍ਰਭਾਵਿਤ ਖ਼ੇਤਰਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖ ਰਿਹਾ ਹੈ, ਜਿਸ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।