11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਚੰਡੀਗੜ੍ਹ ਕਾਲੋਨੀ 'ਚ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

ਟਾਂਡਾ, 6 ਅਕਤੂਬਰ (ਭਗਵਾਨ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ...

Ad Position 21
No active advertisement
ਅਜੀਤ ਡੈਸਕ 06-10-2025

ਟਾਂਡਾ, 6 ਅਕਤੂਬਰ (ਭਗਵਾਨ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਅਣਅਧਿਕਾਰਤ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਤਹਿਤ ਚੰਡੀਗੜ੍ਹ ਕਾਲੋਨੀ (ਪਿੰਡ ਡਾਲਾ, ਟਾਂਡਾ) ਵਿਚ ਵਕਫ਼ ਬੋਰਡ ਦੀ 281 ਮੁਰੱਬਾ ਗਜ਼ ਖਸਰਾ ਨੰਬਰ 38,40,41,42 ਜਗ੍ਹਾ ‘ਤੇ ਕੀਤੇ ਗਏ ਅਣਅਧਿਕਾਰਤ ਨਿਰਮਾਣ ਨੂੰ ਅੱਜ ਢਾਹਿਆ ਗਿਆ। ਇਹ ਗੈਰ-ਕਾਨੂੰਨੀ ਉਸਾਰੀ ਇਕ ਦੋਸ਼ੀ ਦੁਆਰਾ ਕੀਤੀ ਗਈ ਸੀ, ਜਿਸ ਵਿਰੁੱਧ 11 ਐਫ.ਆਈ.ਆਰਜ਼ ਦਰਜ ਹਨ ਅਤੇ ਸਾਰੇ ਐਨ.ਡੀ.ਪੀ.ਐਸ. ਨਾਲ ਸੰਬੰਧਿਤ ਮਾਮਲੇ ਹਨ ਅਤੇ ਦੋਸ਼ੀ ਇਸ ਵੇਲੇ ਜੇਲ੍ਹ ਵਿਚ ਹੈ।

ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਵਕਫ਼ ਬੋਰਡ ਨੂੰ ਇਸ ਗੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਦੀ ਸਹਾਇਤਾ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਅਪਰਾਧਿਕ ਪਿਛੋਕੜ ਦਾ ਸੀ, ਇਸ ਲਈ ਕਾਰਵਾਈ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਸਰਬਜੀਤ ਕੌਰ ਉਰਫ਼ ਰੋਡੀ ਪਤਨੀ ਸਰੂਪ ਲਾਲ ਵਾਸੀ ਵਾਰਡ ਨੰਬਰ 8, ਚੰਡੀਗੜ੍ਹ ਕਾਲੋਨੀ, ਟਾਂਡਾ ਖਿਲਾਫ਼ ਕੀਤੀ ਗਈ ਹੈ।

ਐਸ.ਐਸ.ਪੀ. ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਪੁਲਿਸ ਵਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਉਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਅਤੇ ਕੋਈ ਹੋਰ ਕੰਮ ਕਰਨ ਨਹੀਂ ਤਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਇਸ ਦੌਰਾਨ ਸਥਾਨਕ ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦਾ ਸਵਾਗਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ. ਮੇਜਰ ਸਿੰਘ, ਡੀ.ਐਸ.ਪੀ. ਦਵਿੰਦਰ ਸਿੰਘ, ਐਸ.ਐਚ.ਓ. ਟਾਂਡਾ ਗੁਰਿੰਦਰਜੀਤ ਸਿੰਘ ਤੋਂ ਇਲਾਵਾ ਈ.ਓ. ਵਕਫ਼ ਬੋਰਡ, ਡਿਊਟੀ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਆਰੰਭ ਅਗਲੀ ਖ਼ਬਰ ਆਰਜ਼ੀ ਫੜ੍ਹਾਂ ਦੀ ਮਨਜ਼ੂਰੀ ਨਾ ਮਿਲਣ ਕਾਰਨ ਆੜ੍ਹਤੀਆਂ ਨੇ ਝੋਨੇ ਦੀ ਬੋਲੀ ਕੀਤੀ ਬੰਦ
Ad Position 24