13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਸ਼ਹੀਦੀ ਨਗਰ ਕੀਰਤਨ ਖਾਲਸਾ ਕਾਲਜ ਮਾਟੂੰਗਾ ਤੋਂ ਅਗਲੇ ਪੜਾਅ ਬੋਰੀਵਾਲੀ ਮੁੰਬਈ ਲਈ ਰਵਾਨਾ

ਅੰਮ੍ਰਿਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਅਸਾਮ ਤੋਂ ਆਰੰਭ...

Ad Position 21
No active advertisement
ਅਜੀਤ ਡੈਸਕ 11-10-2025

ਅੰਮ੍ਰਿਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਿਆਂ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ।

ਗੁਰੂ ਨਾਨਕ ਖਾਲਸਾ ਕਾਲਜ ਮਾਟੂੰਗਾ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੰਬਈ ਦੀਆਂ ਸੰਗਤਾਂ ਅੰਦਰ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਬਿਆਨ ਕਰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਅੰਦਰ ਏਕਤਾ ਇਤਫਾਕ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖੀ ਦੀਆਂ ਕਦਰਾਂ ਕੀਮਤਾਂ ਅਤੇ ਇਤਿਹਾਸ ਨਾਲ ਜੋੜਨ ਦਾ ਮੌਕਾ ਹਨ ਅਤੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਨ੍ਹਾਂ ਵਿਚ ਭਾਗੀਦਾਰ ਬਣਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰੇ। ਉਨ੍ਹਾਂ ਸ਼ਹੀਦੀ ਨਗਰ ਕੀਰਤਨ ਪ੍ਰਤੀ ਮੁੰਬਈ ਦੀਆਂ ਸੰਗਤਾਂ ਦੇ ਉਤਸ਼ਾਹ ਬਾਰੇ ਕਿਹਾ ਕਿ ਦੇਸ਼ ਦੇ ਮਹਾਨਗਰਾਂ ਵਿਚ ਸਿੱਖੀ ਦਾ ਬੋਲਬਾਲਾ ਵੱਡੇ ਅਰਥ ਰੱਖਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।

ਐਡਵੋਕੇਟ ਧਾਮੀ ਨੇ ਗੁਰੂ ਨਾਨਕ ਖਾਲਸਾ ਕਾਲਜ ਮਾਟੂੰਗਾ ਦੀ ਗੱਲ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀ ਬਹੁਤ ਪੁਰਾਣੀ ਸਿੱਖਿਆ ਸੰਸਥਾ ਹੈ, ਜਿਸ ਨੂੰ ਸਾਡੇ ਪੁਰਖਿਆਂ ਨੇ ਸਿਰਜਿਆ ਸੀ। ਇਹ ਸੰਸਥਾ ਸ. ਗੁਰਿੰਦਰ ਸਿੰਘ ਬਾਵਾ ਦੀ ਅਗਵਾਈ ਹੇਠ ਸਫ਼ਲਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਭਵਿੱਖ ਵਿਚ ਇਸ ਕਾਲਜ ਨੂੰ ਯੂਨੀਵਰਸਿਟੀ ਬਣਾਉਣ ਲਈ ਯਤਨ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੰਬਈ ਵਿਚ ਨਗਰ ਕੀਰਤਨ ਲਈ ਕੀਤੇ ਪ੍ਰਬੰਧਾਂ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਦੇ ਨਾਲ-ਨਾਲ ਸ. ਜਸਬੀਰ ਸਿੰਘ ਧਾਮ ਤੇ ਸ. ਰਾਮ ਸਿੰਘ ਮੁੰਬਈ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਵੀ ਕੀਤਾ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਸ ਸ਼ਹੀਦੀ ਨਗਰ ਕੀਰਤਨ ਨੇ ਸਮੁੱਚੇ ਦੇਸ਼ ਅੰਦਰ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਦੇਸ਼ ਨੂੰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਥੇਦਾਰ ਗੜਗੱਜ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਅਦਾਲਤ ਵਲੋਂ ਆਏ ਫੈਸਲੇ ਦੀ ਗੱਲ ਕਰਦਿਆਂ ਕਿਹਾ ਕਿ ਇਹ ਹਜ਼ੂਰੀ ਸਿੱਖਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜੇ ਤਖਤ ਪੰਥ ਦੇ ਹਨ ਅਤੇ ਇਨ੍ਹਾਂ ਦੇ ਪ੍ਰਬੰਧਾਂ ਵਿਚ ਕਿਸੇ ਨੂੰ ਵੀ ਦਖ਼ਲ-ਅੰਦਾਜ਼ੀ ਦਾ ਹੱਕ ਨਹੀਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਮੁੰਬਈ ਦੀਆਂ ਸੰਗਤਾਂ ਦੇ ਸੱਦੇ ਉਤੇ ਪੰਜ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਪੰਥ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਪੁੱਜੀਆਂ ਹਨ, ਇਸੇ ਤਰ੍ਹਾਂ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਸਮੇਂ ਸਮੁੱਚਾ ਪੰਥ ਇਕੱਠਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਰਵਾਨਗੀ ਸਮੇਂ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਵੀ ਦਿੱਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਬੀਰ ਸਿੰਘ ਧਾਮ, ਸ. ਰਾਮ ਸਿੰਘ ਮੁੰਬਈ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੀਤ ਪ੍ਰਧਾਨ ਸ. ਗੁਰਵਿੰਦਰ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਸੁਖਜੀਤ ਸਿੰਘ, ਹਰਮੀਤ ਸਿੰਘ, ਰਵਿੰਦਰ ਸਿੰਘ, ਸ. ਪਰਮਜੋਤ ਸਿੰਘ, ਬੀਬੀ ਪਰਵਿੰਦਰ ਕੌਰ, ਬੀਬੀ ਜਸਬੀਰ ਕੌਰ, ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਪਤੀ-ਪਤਨੀ ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਵੈਸਟਇੰਡੀਜ਼ ਦਾ ਸਕੋਰ 26/1
Ad Position 24