ਮੰਡੀ ਗੌਬਿੰਦਗੜ, 6 ਜੂਨ (ਮੋਹਿਤ ਸਿੰਗਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ, ਨਾਲ ਹੀ ਖਾਦਾਂ ਅਤੇ ਰਸਾਇਣ ਮੰਤਰੀ ਜੇ.ਪੀ. ਨੱਢਾ ਨਾਲ ਉਨ੍ਹਾਂ ਦੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਰਿਹਾਇਸ਼ ਤੇ ਮੁਲਾਕਾਤ ਕੀਤੀ।
ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਨਾਲ ਸਬੰਧਿਤ ਅਹਿਮ ਰਾਜਨੀਤਿਕ ਮੁੱਦਿਆਂ, ਸੂਬੇ ਦੇ ਸਰਵਪੱਖੀ ਵਿਕਾਸ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਲੋਕਾਂ ਨਾਲ ਜੁੜਾਅ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਵੀ ਚਰਚਾ ਹੋਈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪਾਰਟੀ ਪੂਰੀ ਤਨਦੇਹੀ ਨਾਲ ਕੰਮ ਕਰੇਗੀ।