ਲਾਲੜੂ (ਮੋਹਾਲੀ), 7 ਅਗਸਤ (ਰਾਜਬੀਰ ਸਿੰਘ)- ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੇ ਪਿੰਡ ਝਵਾਂਸਾ ਅਤੇ ਟਰੜਕ ਵਿਚ ਕਰਵਾਏ ਸਮਾਗਮਾਂ ਦੌਰਾਨ ਲੋਕ ਭਲਾਈ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਮਾਲਕਾਨਾ ਹਕ ਸਰਟੀਫਿਕੇਟ ਵੰਡੇ ਅਤੇ ਕਰੀਬ 60 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਪਿੰਡ ਝਵਾਂਸਾ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ ਗਏ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ 'ਤੇ ਕਾਨੂੰਨੀ ਮਾਲਕੀ ਦਾ ਹੱਕ ਮਿਲਿਆ ਹੈ, ਜਿਸ ਨਾਲ ਭਵਿੱਖ ਵਿਚ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ 'ਤੇ ਸਹੂਲਤ ਮਿਲੇਗੀ।
ਇਸ ਉਪਰੰਤ ਪਿੰਡ ਟਰੜਕ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਐਸ.ਸੀ. ਭਾਈਚਾਰੇ ਦੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ 24.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਗਾਉਣ ਦੇ ਕੰਮ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਆਦਰਸ਼ ਯੋਜਨਾ ਤਹਿਤ 20 ਲੱਖ ਰੁਪਏ ਦੇ ਹੋਰ ਵਿਕਾਸ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਪਿੰਡ ਝਵਾਂਸਾ ਦੇ ਸਰਪੰਚ ਜਸਪਾਲ ਸਿੰਘ, ਪਿੰਡ ਟਰੜਕ ਦੇ ਸਰਪੰਚ ਛੋਟਾ ਰਾਮ, ਬਲਾਕ ਸੰਮਤੀ ਮੈਂਬਰ ਮਨਜੀਤ ਕੌਰ, ਚੇਅਰਮੈਨ ਧਰਮਵੀਰ ਸਿੰਘ, ਸੰਗਠਨ ਇੰਚਾਰਜ ਗੁਰਸੇਵਕ ਸਿੰਘ, ਯੂਥ ਕੋਆਰਡੀਨੇਟਰ ਗਗਨਦੀਪ ਸਿੰਘ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪਾਰਟੀ ਆਗੂ, ਪਿੰਡ ਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।