13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜੋਖਰਾ ਵਿਵਾਦ ਨੇ ਫੜਿਆ ਜ਼ੋਰ, ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਟਕਰਾਅ, ਕਈ ਪੁਲਿਸ ਮੁਲਾਜ਼ਮ ਜ਼ਖ਼ਮੀ

ਲਾਲੜੂ (ਮੋਹਾਲੀ), 13 ਅਗਸਤ- ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ 7 ਅਗਸਤ ਨੂੰ ਹੋਏ ਵਿਵਾਦ ਨੇ...

Ad Position 21
No active advertisement
ਅਜੀਤ ਡੈਸਕ 13-08-2026

ਲਾਲੜੂ (ਮੋਹਾਲੀ), 13 ਅਗਸਤ- ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ 7 ਅਗਸਤ ਨੂੰ ਹੋਏ ਵਿਵਾਦ ਨੇ ਵੀਰਵਾਰ ਨੂੰ ਉਸ ਵੇਲੇ ਹੋਰ ਤੂਲ ਫੜ ਲਿਆ, ਜਦੋਂ ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ ’ਤੇ ਹਮਲੇ ਦੇ ਮਾਮਲੇ ਵਿਚ ਕਾਰਵਾਈ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਸੰਗਤ ਸੜਕਾਂ ’ਤੇ ਉੱਤਰ ਆਈ। ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀਆਂ ਨੇ ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਜੱਗੀ ਸਿਟੀ ਸੈਂਟਰ ਨੇੜੇ ਧਰਨਾ ਲਾ ਦਿੱਤਾ, ਜਿਸ ਕਾਰਨ ਮੁੱਖ ਮਾਰਗ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

ਸਥਿਤੀ ਤਣਾਅਪੂਰਨ ਹੋਣ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਡੀ.ਐੱਸ.ਪੀ ਵੀਰੇਂਦਰ ਦਾ ਅੰਗੂਠਾ ਕੱਟਿਆ ਗਿਆ, ਜਦਕਿ 6 ਤੋਂ 7 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਦਾਖ਼ਲ ਕਰਵਾਇਆ ਗਿਆ। ਹਾਲਾਤ ਕਾਬੂ ਹੇਠ ਲਿਆਉਣ ਲਈ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

ਇਸ ਤੋਂ ਪਹਿਲਾਂ ਸਿੱਖ ਸੰਗਤ ਵਲੋਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਸ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕ ਅੰਬਾਲਾ-ਨਾਰਾਇਣਗੜ੍ਹ ਰੋਡ ਵੱਲ ਵਧੇ। ਪੁਲਿਸ ਵਲੋਂ ਰੋਕਣ ਦੀ ਕੋਸ਼ਿਸ਼ ਦੇ ਬਾਵਜੂਦ ਪ੍ਰਦਰਸ਼ਨਕਾਰੀ ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਪਹੁੰਚ ਗਏ ਅਤੇ ਜੱਗੀ ਸਿਟੀ ਸੈਂਟਰ ਨੇੜੇ ਧਰਨਾ ਲਾ ਕੇ ਬੈਠ ਗਏ।

ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਮੰਡ ਦੀ ਸ਼ਿਕਾਇਤ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਜਦਕਿ ਗੁਰਦੁਆਰਾ ਪ੍ਰਬੰਧਕਾਂ ਵਲੋਂ ਦਿੱਤੀ ਗਈ ਸ਼ਿਕਾਇਤ ’ਤੇ ਉਮੀਦ ਮੁਤਾਬਕ ਕਾਰਵਾਈ ਨਹੀਂ ਕੀਤੀ ਗਈ। ਸੰਗਤ ਨੇ ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕੇਸ ਦਰਜ ਕਰਨ, ਨੌਜਵਾਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਵਾਪਸ ਲੈਣ ਅਤੇ ਹਿਰਾਸਤ ਵਿਚ ਲਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।

7 ਅਗਸਤ ਦੇ ਵਿਵਾਦ ਨਾਲ ਜੁੜਿਆ ਮਾਮਲਾ

ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਹੁੰਚਿਆ ਸੀ। ਇਸ ਦੌਰਾਨ ਹੋਏ ਵਿਵਾਦ ਤੋਂ ਬਾਅਦ ਮੰਡ ਨਾਲ ਕੁੱਟਮਾਰ ਅਤੇ ਉਸ ਦੀ ਇਨੋਵਾ ਗੱਡੀ ਦੀ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਨੇ ਇਸ ਸਬੰਧੀ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਸੀ।

ਆਈ.ਜੀ. ਤੇ ਐੱਸ.ਪੀ. ਨੇ ਮੌਕੇ ’ਤੇ ਪਹੁੰਚ ਸੰਭਾਲੇ ਹਾਲਾਤ

ਤਣਾਅ ਵਧਣ ਦੀ ਸੂਚਨਾ ਮਿਲਦਿਆਂ ਹੀ ਆਈਜੀ ਅੰਬਾਲਾ ਪੰਕਜ ਨੈਨ ਅਤੇ ਐੱਸ.ਪੀ. ਅਜੀਤ ਸਿੰਘ ਸ਼ੇਖਾਵਤ ਭਾਰੀ ਪੁਲਿਸ ਬਲ ਸਮੇਤ ਮੌਕੇ ’ਤੇ ਪਹੁੰਚੇ। ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਭਰੋਸਾ ਦਿੱਤਾ ਗਿਆ ਕਿ ਸੰਗਤ ਦੀਆਂ ਮੰਗਾਂ ’ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਸਪੱਸ਼ਟ ਕੀਤਾ ਗਿਆ ਕਿ ਜਿਹੜੇ ਵਿਅਕਤੀ ਨਿਆਂਇਕ ਹਿਰਾਸਤ ਵਿੱਚ ਹਨ, ਉਨ੍ਹਾਂ ਦੀ ਰਿਹਾਈ ਅਦਾਲਤੀ ਪ੍ਰਕਿਰਿਆ ਰਾਹੀਂ ਹੀ ਸੰਭਵ ਹੈ।

ਦੇਰ ਸ਼ਾਮ ਤੱਕ ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਰਿਹਾ। ਖ਼ਬਰ ਲਿਖੇ ਜਾਣ ਤੱਕ ਮੁੱਖ ਮਾਰਗ ’ਤੇ ਜਾਮ ਜਾਰੀ ਸੀ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਬਾਉ ਰਾਮ ਸ਼ਰਨ ਪ੍ਰਾਸ਼ਰ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬੇਹੱਦ ਨਿੰਦਣਯੋਗ ਘਟਨਾ— ਹਰਪ੍ਰੀਤ ਸਿੰਘ ਕੋਟਭਾਈ
Ad Position 24