ਖਨੌਰੀ/ਪਾਤੜਾਂ, 17 ਅਗਸਤ (ਬਲਵਿੰਦਰ ਸਿੰਘ ਥਿੰਦ, ਗੁਰਇਕਬਾਲ ਸਿੰਘ ਖਾਲਸਾ)- ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ਦੇ ਕਿਸਾਨ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਸ਼ਾਮ ਖਨੌਰੀ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਵਿਖੇ ਹੋਈ। ਮੀਟਿੰਗ ਦੀ ਅਗਵਾਈ ਮੋਰਚੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਮੀਟਿੰਗ ਦੌਰਾਨ ਖਨੌਰੀ ਕਿਸਾਨ ਅੰਦੋਲਨ ਦੇ ਸ਼ਹੀਦ ਸ਼ੁਭਕਰਨ ਸਿੰਘ ਦੀ ਸ਼ਹਾਦਤ ਵਾਲੀ ਥਾਂ ਦੀ ਮਿੱਟੀ ਜੰਤਰ-ਮੰਤਰ ਤੱਕ ਲੈ ਕੇ ਜਾਣ ਲਈ ਰਵਾਨਾ ਹੋਏ 51 ਕਿਸਾਨਾਂ ਦੇ ਕਾਫ਼ਲੇ ਨੂੰ ਪੰਜਾਬ-ਹਰਿਆਣਾ ਸਰਹੱਦ ’ਤੇ ਹਰਿਆਣਾ ਪੁਲਿਸ ਵਲੋਂ ਰੋਕੇ ਜਾਣ ਦੇ ਮਾਮਲੇ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਪੈਦਲ ਜਾਣ ਤੋਂ ਰੋਕਣ ਦੇ ਵਿਰੋਧ ਵਿਚ 20 ਅਗਸਤ ਨੂੰ ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ-ਡਵੀਜ਼ਨਾਂ ’ਤੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਡੱਲੇਵਾਲ ਨੇ ਕਿਹਾ ਕਿ ਕਿਸਾਨ ਸਿਰਫ਼ 51 ਵਿਅਕਤੀਆਂ ਦਾ ਕਾਫ਼ਲਾ ਲੈ ਕੇ ਸ਼ਾਂਤਮਈ ਢੰਗ ਨਾਲ ਦਿੱਲੀ ਜਾਣਾ ਚਾਹੁੰਦੇ ਸਨ। ਉਨ੍ਹਾਂ ਦੇ ਨਾਲ ਕੁਝ ਸਹਾਇਕ ਕਿਸਾਨ ਵੀ ਸਨ ਅਤੇ ਨਾ ਤਾਂ ਟਰੈਕਟਰ-ਟਰਾਲੀਆਂ ਲੈ ਕੇ ਜਾਣ ਦਾ ਪ੍ਰੋਗਰਾਮ ਸੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਕਰਨ ਦੀ ਮਨਸ਼ਾ ਸੀ। ਇਸ ਦੇ ਬਾਵਜੂਦ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਸਰਹੱਦ ’ਤੇ ਰੋਕ ਦਿੱਤਾ ਗਿਆ।