ਪਠਾਨਕੋਟ: 27 ਅਗਸਤ (ਸੰਧੂ )ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਸਾਂਝਾ ਮੁਲਾਜ਼ਮ ਮੰਚ ਪਠਾਨਕੋਟ ਵੱਲੋਂ ਅੱਜ ਬੱਸ ਸਟੈਂਡ ਵਿਖੇ ਰੋਸ਼ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਮੁਲਾਜ਼ਮ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ਼ ਜ਼ਾਹਿਰ ਕਰਦਿਆਂ ਕਿਹਾ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਮੇਤ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਅਣਦੇਖੀ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ਼ ਹੈ ਅਤੇ ਸਰਕਾਰ ਨੂੰ ਇਸ ਦਾ ਗੰਭੀਰਤਾ ਨਾਲ ਨੋਟਿਸ ਲੈਣਾ ਚਾਹੀਦਾ ਹੈ।
ਇਸ ਰੋਸ਼ ਪ੍ਰਦਰਸ਼ਨ ਦੇ ਸਮਰਥਨ ਵਿੱਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲ ਵੀ ਬੰਦ ਰਹੇ, ਜਿਸ ਕਾਰਨ ਸਰਕਾਰੀ ਮੁਲਾਜ਼ਮਾਂ ਅਤੇ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਵਿਆਪਕ ਨਾਰਾਜ਼ਗੀ ਦੇਖਣ ਨੂੰ ਮਿਲੀ। ਧਰਨੇ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ।