ਅੰਮ੍ਰਿਤਸਰ, 1 ਸਤੰਬਰ - (ਜਸਵੰਤ ਸਿੰਘ ਜੱਸ) - ਨਿਪਾਲ ਵਿਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਵਫ਼ਦ ਨੇ ਅੱਜ ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨਿਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਸ਼ਾਮਿਲ ਹਨ।
ਇਸ ਦੌਰਾਨ ਵਫ਼ਦ ਨੇ ਨਿਪਾਲ ਵਿਚ ਕੁਦਰਤੀ ਆਫ਼ਤ ਤੋਂ ਬਾਅਦ ਪੈਦਾ ਹੋਏ ਹਾਲਾਤ, ਸਰਕਾਰ ਵਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਦੀਆਂ ਮੌਜੂਦਾ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨਿਪਾਲ ਸਰਕਾਰ ਦੇ ਅਧਿਕਾਰੀਆਂ ਕੋਲੋਂ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਨੂੰ ਸਭ ਤੋਂ ਵੱਧ ਕਿਹੜੀ ਰਾਹਤ ਸਮੱਗਰੀ ਦੀ ਲੋੜ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਵਲੋਂ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਨਿਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਨਿਪਾਲ ਵਿਚ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ ਅਤੇ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਅਗਲੀ ਜਾਣਕਾਰੀ ਅਤੇ ਲੋੜ ਅਨੁਸਾਰ ਰਾਹਤ ਕਾਰਜਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਕਿ ਕੁਦਰਤੀ ਆਫ਼ਤਾਂ ਅਤੇ ਸੰਕਟ ਦੀ ਘੜੀ ਵਿਚ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇ।
ਉਨ੍ਹਾਂ ਦੱਸਿਆ ਕਿ ਨਿਪਾਲ ਸਰਕਾਰ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਵਲੋਂ ਕੁਦਰਤੀ ਆਫ਼ਤ ਸਮੇਂ ਮਨੁੱਖਤਾ ਦੀ ਸੇਵਾ ਲਈ ਕੀਤੀ ਪਹੁੰਚ ਲਈ ਧੰਨਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਬਣਾਈ ਰੂਪ ਰੇਖਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਨਿਪਾਲ ਸਰਕਾਰ ਦੀ ਸਹਿਮਤੀ ਅਤੇ ਉਸ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਰਾਹਤ ਕਾਰਜ ਕੀਤੇ ਜਾਣਗੇ। ਭਾਈ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਪਾਲ ਸਰਕਾਰ ਦੇ ਨੁਮਾਇੰਦਿਆਂ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਲੋੜੀਂਦੀ ਪ੍ਰਵਾਨਗੀ ਬਾਰੇ ਆਖਿਆ ਗਿਆ ਹੈ। ਸਰਕਾਰੀ ਨੁਮਾਇੰਦਿਆਂ ਅਨੁਸਾਰ ਉਹ ਜਲਦ ਹੀ ਸਾਰੀ ਰੂਪਰੇਖਾ ਸ਼੍ਰੋਮਣੀ ਕਮੇਟੀ ਨੂੰ ਦੱਸਣਗੇ, ਜਿਸ ਅਨੁਸਾਰ ਰਾਹਤ ਸੇਵਾਵਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਤੋਂ ਇਲਾਵਾ ਨਿਪਾਲ ਤੋਂ ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਪ੍ਰੀਤਮ ਸਿੰਘ ਹਾਜ਼ਰ ਰਹੇ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਨਿਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
ਅੰਮ੍ਰਿਤਸਰ, 1 ਸਤੰਬਰ - (ਜਸਵੰਤ ਸਿੰਘ ਜੱਸ) - ਨਿਪਾਲ ਵਿਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਵਫ਼ਦ ਨੇ ਅੱਜ ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨਿਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ,,,
ਅਜੀਤ ਡੈਸਕ
01-09-2026