ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ) - ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ 8 ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਪੰਜਾਬ ਵਿਚ ਅਪਰਾਧਿਕ ਅਨਸਰਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿਚ ਸ਼ਾਮਿਲ ਸਨ।
ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰਲੇ ਸੰਪਰਕਾਂ ਦੀ ਤਸਦੀਕ ਕਰਨ ਅਤੇ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਤੋੜਨ ਅਤੇ ਸਰਹੱਦ ਪਾਰਲੀ ਤਸਕਰੀ 'ਤੇ ਸਖ਼ਤ ਨਜ਼ਰ ਰੱਖਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ।