ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ; ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ 15 ਗੈਰ-ਕਾਨੂੰਨੀ ਪਿਸਤੌਲ ਤੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿਚ ਬੈਠੇ ਸੰਚਾਲਕਾਂ (ਹੈਂਡਲਰਾਂ) ਦੇ ਸੰਪਰਕ ਵਿਚ ਸਨ; ਉਹ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਨਿਰਦੇਸ਼ਾਂ ਅਨੁਸਾਰ ਅੱਗੇ ਸਪਲਾਈ ਕਰਦੇ ਸਨ।
ਜ਼ਿਕਰਯੋਗ ਹੈ ਕਿ ਥਾਣਾ ਘਰਿੰਡਾ ਵਿਖੇ ਐੱਨਡੀਪੀਐੱਸ ਅਤੇ ਅਸਲਾ ਐਕਟ ਤਹਿਤ ਐੱਫ ਆਈ ਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿਚ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਦੀਆਂ ਅਗਲੀਆਂ ਅਤੇ ਪਿੱਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ, ਇਸ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਿਆ ਜਾ ਸਕੇ। ਪੰਜਾਬ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।