ਚੋਗਾਵਾਂ/ਅੰਮ੍ਰਿਤਸਰ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੱਚ ਸਟਾਫ਼ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ 19 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨਿਫੈਸਟੋ ਵਿਚ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਤੋਂ ਉੱਪਰ ਦਾ ਲੰਬਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ।
ਸੂਬਾ ਆਗੂ ਨੇ ਦੱਸਿਆ ਕਿ ਬੀਤੀ 13 ਜੂਨ 2025 ਨੂੰ ਲੁਧਿਆਣਾ ਪੱਛਮੀ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰੀ ਨੇ 18 ਜੂਨ 2025 ਨੂੰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਸੀ, ਪਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਮੀਟਿੰਗ ਹੁਣ ਤੱਕ ਪੈਂਡਿੰਗ ਰੱਖੀ ਗਈ ਹੈ, ਜਿਸ ਕਾਰਨ ਸਮੁੱਚੇ ਸਟਾਫ਼ ਵਿਚ ਭਾਰੀ ਰੋਸ ਹੈ।
ਯੂਨੀਅਨ ਨੇ ਮੰਗ ਕੀਤੀ ਕਿ ਚੋਣ ਵਾਅਦੇ ਅਨੁਸਾਰ ਮਾਣ-ਭੱਤਾ ਤੁਰੰਤ ਦੁੱਗਣਾ ਕਰਕੇ ਪਿਛਲਾ ਬਕਾਇਆ ਰਿਲੀਜ਼ ਕੀਤਾ ਜਾਵੇ, ਵਰਕਰਾਂ-ਹੈਲਪਰਾਂ ਨੂੰ ਲੇਬਰ ਐਕਟ ਅਨੁਸਾਰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਂਦਾ ਜਾਵੇ ਅਤੇ ਸਾਲਾਨਾ ਇਨਕਰੀਮੈਂਟ ਵਧਾ ਕੇ 2000 ਰੁਪਏ ਕੀਤਾ ਜਾਵੇ। ਇਸ ਦੇ ਨਾਲ ਹੀ ਹੋਰ ਭਖਦੇ ਮਸਲਿਆਂ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ। ਸੂਬਾ ਪ੍ਰਧਾਨ ਛੀਨਾ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 19 ਸਤੰਬਰ ਦੇ ਪ੍ਰਦਰਸ਼ਨਾਂ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ, ਤਾਂ ਜਥੇਬੰਦੀ ਅਕਤੂਬਰ ਦੇ ਪਹਿਲੇ ਹਫ਼ਤੇ ਸੂਬਾ ਪੱਧਰ 'ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ, ਜਿਸ ਦੌਰਾਨ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।