16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਜਤਾਇਆ ਰੋਸ

ਜਗਰਾਉਂ (ਲੁਧਿਆਣਾ)/ਜੈਤੋ (ਫ਼ਰੀਦਕੋਟ)/ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਕੁਲਦੀਪ ਸਿੰਘ ਲੋਹਟ/ਗੁਰਮੀਤਪਾਲ ਰੋੜੀਕਪੂਰਾ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) — ਬਿਜਲੀ ਸਪਲਾਈ ਦੇ ਕਥਿਤ ਮਾੜੇ ਪ੍ਰਬੰਧਾਂ ਅਤੇ ਅਣਐਲਾਨੇ ਕੱਟਾਂ ਦੇ ਮੁੱਦੇ ਨੂੰ ਲੈ ਕੇ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਜਗਰਾਉਂ (ਲੁਧਿਆਣਾ)/ਜੈਤੋ (ਫ਼ਰੀਦਕੋਟ)/ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਕੁਲਦੀਪ ਸਿੰਘ ਲੋਹਟ/ਗੁਰਮੀਤਪਾਲ ਰੋੜੀਕਪੂਰਾ/ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) — ਬਿਜਲੀ ਸਪਲਾਈ ਦੇ ਕਥਿਤ ਮਾੜੇ ਪ੍ਰਬੰਧਾਂ ਅਤੇ ਅਣਐਲਾਨੇ ਕੱਟਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਨੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਬਿਜਲੀ ਨੁਕਸਾਂ ਦੀ ਤੁਰੰਤ ਮੁਰੰਮਤ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ. ਕਲੇਰ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਸਪਲਾਈ ਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਕਈ ਇਲਾਕਿਆਂ ਦੇ ਲੋਕ ਅਣਐਲਾਨੇ ਕੱਟਾਂ ਅਤੇ ਵਾਰ-ਵਾਰ ਪੈਦਾ ਹੋ ਰਹੇ ਨੁਕਸਾਨ ਕਾਰਨ ਪ੍ਰੇਸ਼ਾਨ ਹਨ।
ਐੱਸ.ਆਰ. ਕਲੇਰ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਬਾਵਜੂਦ ਉਤਪਾਦਨ ਅਤੇ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਾਜੈਕਟ ਲਿਆਂਦੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਜਲੀ ਪੱਖੋਂ ਆਤਮਨਿਰਭਰ ਅਤੇ ਸਰਪਲੱਸ ਸੂਬਾ ਬਣਾਉਣ ਲਈ ਕੀਤੇ ਉਪਰਾਲਿਆਂ ਦਾ ਲਾਭ ਲੋਕਾਂ ਨੂੰ ਮਿਲਿਆ ਸੀ।
ਅਕਾਲੀ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਸਪਲਾਈ ਅਤੇ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਣਐਲਾਨੇ ਕੱਟਾਂ ਕਾਰਨ ਘਰੇਲੂ ਖਪਤਕਾਰਾਂ ਤੋਂ ਇਲਾਵਾ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਹੋਰ ਵਰਗਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਣਐਲਾਨੇ ਕੱਟਾਂ ’ਤੇ ਰੋਕ ਲਾਈ ਜਾਵੇ, ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਤਕਨੀਕੀ ਨੁਕਸ ਪੈਣ ਦੀ ਸੂਰਤ ਵਿੱਚ ਮੁਰੰਮਤ ਦਾ ਕੰਮ ਤੁਰੰਤ ਕਰਵਾਇਆ ਜਾਵੇ। ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਕਰਨ ਲਈ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਬਿਜਲੀ ਪ੍ਰਬੰਧਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ।
ਇਸੇ ਤਰਾਂ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਨੇ ਜੈਤੋ ਐੱਸ.ਡੀ.ਐੱਮ. ਦਫ਼ਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਮਨਦੀਪ ਸਿੰਘ ਬਹਿਬਲ, ਡਾ. ਸਤਨਾਮ ਸਿੰਘ ਨਿਆਮੀਵਾਲਾ, ਅਮਰਜੀਤ ਕੌਰ ਪੰਜਗਰਾਈ, ਗੁਰਚੇਤ ਸਿੰਘ ਢਿੱਲੋਂ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਸਾਨਾਂ ਨੂੰ ਦਰਪੇਸ਼ ਬਿਜਲੀ ਸੰਕਟ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ।ਆਗੂਆਂ ਨੇ ਕਿਹਾ ਕਿ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਦੀ ਸਿੰਚਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਪਰ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਰਹੀਆਂ ਹਨ।ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਵਿਚ ਪਾਵਰਕਾਮ ਦੇ ਐਸਡੀਓ ਦਿਹਾਤੀ ਸੁਨਾਮ ਦੇ ਦਫ਼ਤਰ ਅੱਗੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਧਰਨਾ ਦੇਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਖਡਿਆਲ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਉਪ ਚੇਅਰਮੈਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਸਮੇਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿਚ ਬਿਜਲੀ ਦੀ ਘਾਟ ਕਾਰਨ ਘਰਾਂ, ਵਪਾਰੀਆਂ ਅਤੇ ਖ਼ਾਸ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਫ਼ਸਲ ਪੱਕਣ ਦੇ ਦੌਰ ਵਿਚ ਹੈ ਅਤੇ ਇਸ ਸਮੇਂ ਫ਼ਸਲਾਂ ਨੂੰ ਪਾਣੀ ਦੀ ਜ਼ਿਆਦਾ ਲੋੜ ਹੈ। ਇਸ ਲਈ ਕਿਸਾਨਾਂ ਨੂੰ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਜ਼ਰੂਰੀ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਉਹ ਆਪਣੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾ ਸਕਣ।  ਵਿਨਰਜੀਤ ਸਿੰਘ ਖਡਿਆਲ ਅਤੇ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਪੂਰਨ ਤੌਰ ’ਤੇ ਬੰਦ ਕਰਨ ਦੀ ਪੁਰਜ਼ੋਰ ਮੰਗ ਕਰਦਾ ਹੈ। ਕਿਸਾਨਾਂ, ਉਦਯੋਗਪਤੀਆਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣੀ ਸਰਕਾਰ ਦੀ ਜ਼ਿੰਮੇਵਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਸਰਕਾਰੀ ਜਬਰ ਤੇ ਨਸ਼ਿਆਂ ਵਿਰੁੱਧ ਰੋਸ ਮਾਰਚ  ਅਗਲੀ ਖ਼ਬਰ ਦਰਦਨਾਕ ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
Ad Position 24