ਅੰਮ੍ਰਿਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਅਹਿਮ ਮੀਟਿੰਗ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮੁੱਖ ਦਫ਼ਤਰ ਚੱਬਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੋਰਚੇ ਵਲੋਂ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸਰਵਣ ਸਿੰਘ ਭੰਦੇਰ, ਬਲਦੇਵ ਸਿੰਘ ਜੀਰਾ, ਬਲਵੰਤ ਸਿੰਘ ਬਹਿਰਾਮਕੇ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋੜੀ, ਗੁਰਅਮਨੀਤ ਸਿੰਘ ਮਾਂਗਟ ਅਤੇ ਓਂਕਾਰ ਸਿੰਘ ਪੁਰਾਣਾ, ਚਰਨਜੀਤ ਸਿੰਘ ਗਾਲਬ, ਮਲਕੀਤ ਸਿੰਘ ਗੁਲਾਮੀ ਵਾਲਾ ਭੰਗਾਲਾ ਨੇ ਪੰਜਾਬ ਸਰਕਾਰ ਦੇ ਰਵੱਈਏ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕੀਤਾ।
ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਦੇ ਨੌਂ ਮੰਤਰੀਆਂ ਦੇ ਘਰਾਂ ਅੱਗੇ ਆਪਣੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਮੋਰਚੇ ਲਗਾ ਕੇ ਬੈਠਾ ਹੈ, ਪਰ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੋਰਚੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਅਤੇ ਮੰਗ ਪੱਤਰ ਭੇਜ ਕੇ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਬੈਠ ਕੇ ਗੱਲਬਾਤ ਕਰਨ ਦੀ ਮੰਗ ਕੀਤੀ ਗਈ ਸੀ, ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਗੰਭੀਰ ਪਹਿਲ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਰਵੱਈਏ ਨੂੰ ਦੇਖਦਿਆਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਸਰਕਾਰ ਨੂੰ 17 ਸਤੰਬਰ 2026 ਨੂੰ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਹੈ ਕਿ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਠੋਸ ਹੱਲ ਲੱਭੇ। ਜੇਕਰ ਸਰਕਾਰ ਵਲੋਂ ਇਸ ਸਮੇਂ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 17 ਸਤੰਬਰ ਨੂੰ ਦੁਪਹਿਰ 12 ਵਜੇ ਪੰਜਾਬ ਦੀਆਂ ਪੰਜ ਥਾਵਾਂ ’ਤੇ ਰੇਲ ਆਵਾਜਾਈ ਰੋਕੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਰੇਲ ਰੋਕੋ ਪ੍ਰੋਗਰਾਮ ਅੰਮ੍ਰਿਤਸਰ ਦੇਵੀਦਾਸਪੁਰਾ, ਸੰਗਰੂਰ-ਸੁਨਾਮ, ਗੁਰਦਾਸਪੁਰ, ਮੋਗਾ ਅਤੇ ਫਿਰੋਜ਼ਪੁਰ ਵਿਖੇ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਰੇਲਵੇ ਪੁਆਇੰਟ ਵੀ ਖੋਲ੍ਹੇ ਜਾਣਗੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ 18 ਸਤੰਬਰ 2026 ਨੂੰ ਕਿਸਾਨ ਮਜ਼ਦੂਰ ਮੋਰਚਾ ਦੀ ਅਗਲੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਸਰਕਾਰ ਦੇ ਰਵੱਈਏ ਦਾ ਜਾਇਜ਼ਾ ਲੈਂਦਿਆਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲੱਗੇ ਮੋਰਚਿਆਂ ਵਿੱਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ-ਭੈਣਾਂ ਦੇ ਵਿਸ਼ਾਲ ਇਕੱਠ ਦੇਖਣ ਨੂੰ ਮਿਲੇ। ਸ਼ਾਮ ਸਮੇਂ ਸਾਰੇ ਮੋਰਚਿਆਂ ’ਤੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ-ਭੈਣਾਂ ਵਲੋਂ ਰੋਸ ਮਾਰਚ ਵੀ ਕੀਤੇ ਗਏ। ਅੰਮ੍ਰਿਤਸਰ ਵਿਚ ਹਰਭਜਨ ਸਿੰਘ ਈ.ਟੀ.ਓ. ਦੇ ਨਿਊ ਅੰਮ੍ਰਿਤਸਰ ਸਥਿਤ ਘਰ ਅੱਗੇ ਲੱਗਾ ਮੋਰਚਾ ਹੁਣ ਦੇਵੀਦਾਸਪੁਰਾ ਰੇਲਵੇ ਟਰੈਕ ਦੇ ਨੇੜੇ ਸ਼ਿਫਟ ਕਰ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੀ ਬਜਾਏ ਮੋਰਚੇ ਨਾਲ ਗੱਲਬਾਤ ਕਰਕੇ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।