ਜਲੰਧਰ, 21 ਸਤੰਬਰ ( ਜਤਿੰਦਰ ਪੰਮੀ)- ਕਮਿਸ਼ਨਰੇਟ ਪੁਲਿਸ ਵਲੋਂ ਬਸਤੀ ਬਾਵਾ ਖੇਲ ਅਧੀਨ ਆਉਂਦੇ ਅਨੂਪ ਨਗਰ ਵਿਚੋਂ ਬੀਤੇ ਦਿਨੀਂ 4 ਸਾਲਾ ਬੱਚੇ ਨੂੰ ਅਗਵਾ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ 4 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਨੂੰ 72 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਉਸ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਅਦਿਤਿਆ ਐੱਸ. ਵਾਰੀਅਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਸੀ.ਪੀ. ਸਿਟੀ ਜਲੰਧਰ, ਡੀ.ਸੀ.ਪੀ. ਇਨਵੈਸਟੀਗੇਸ਼ਨ ਅਤੇ ਏ.ਸੀ.ਪੀ. ਵੈਸਟ ਦੀ ਅਗਵਾਈ ਹੇਠ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਵੱਲੋਂ ਅਗਵਾ ਦੀ ਵਾਰਦਾਤ ਨੂੰ ਸੁਲਝਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ 17 ਸਤੰਬਰ, 2026 ਨੂੰ ਥਾਣਾ ਬਸਤੀ ਬਾਵਾ ਖੇਲ ਵਿਖੇ ਮੁਕੱਦਮਾ ਨੰਬਰ 277, ਧਾਰਾ 140(3), 3(5) ਬੀ.ਐੱਨ.ਐੱਸ. ਤਹਿਤ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ 4 ਸਾਲਾ ਬੱਚੇ ਨੂੰ ਅਗਵਾ ਕੀਤੇ ਜਾਣ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਰੀਬ 8 ਘੰਟਿਆਂ ਦੇ ਅੰਦਰ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਡੀ.ਸੀ.ਪੀ. ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਤਫ਼ਤੀਸ਼ ਦੌਰਾਨ ਪੁਲਿਸ ਵਲੋਂ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਰਜਤ ਰੱਤੂ ਉਰਫ਼ ਰੋਕੀ ਪੁੱਤਰ ਲੇਟ ਰਮੇਸ਼ ਪਾਲ ਵਾਸੀ ਪਿੰਡ ਮਦਾਰ, ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ ਦਿਹਾਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਬੱਚੇ ਨੂੰ ਬਾਲ ਤਸਕਰੀ ਦੇ ਮਕਸਦ ਨਾਲ ਅਗਵਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਵਰਤੀ ਗਈ ਬਿਨ੍ਹਾਂ ਨੰਬਰੀ ਚਿੱਟੇ ਰੰਗ ਦੀ ਐਕਟਿਵਾ ਵੀ ਬਰਾਮਦ ਕਰ ਲਈ ਗਈ ਹੈ। ਮਾਮਲੇ ਵਿਚ ਸ਼ਾਮਿਲ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਤਫ਼ਤੀਸ਼ ਹਰ ਪੱਖ ਤੋਂ ਡੂੰਘਾਈ ਨਾਲ ਮੁਕੰਮਲ ਕੀਤੀ ਜਾਵੇਗੀ।