05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ- ਹਰਸਿਮਰਤ ਕੌਰ ਬਾਦਲ

ਗੁਰੂ ਹਰ ਸਹਾਇ (ਫ਼ਿਰੋਜ਼ਪੁਰ), 5 ਅਕਤੂਬਰ (ਕਪਿਲ ਕੰਧਾਰੀ)- ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ...

Ad Position 21
No active advertisement
ਅਜੀਤ ਡੈਸਕ 05-10-2026

ਗੁਰੂ ਹਰ ਸਹਾਇ (ਫ਼ਿਰੋਜ਼ਪੁਰ), 5 ਅਕਤੂਬਰ (ਕਪਿਲ ਕੰਧਾਰੀ)- ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਦੇ ਨਾਅਰੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫ਼ਰੀਦਕੋਟ ਰੋਡ ਸਥਿਤ ਚੰਦਨ ਪੈਲਸ ਵਿਖੇ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਨੂੰ ਸੰਬੋਧਨ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਦਾ ਪਹੁੰਚਣ 'ਤੇ ਹਲਕਾ ਇੰਚਾਰਜ ਸਿੰਘ ਨੋਨੀ ਮਾਨ ਉਨ੍ਹਾਂ ਦੀ ਪਤਨੀ ਨਰਿੰਦਰ ਕੌਰ ਮਾਨ ਭਰਾ ਨਰਦੇਵ ਸਿੰਘ ਬੋਬੀ ਮਾਨ ਬੇਟੇ ਹਰਪਿੰਦਰ ਸਿੰਘ ਮਾਨ, ਮੈਂਬਰ ਐਸ.ਜੀ.ਪੀ.ਸੀ. ਦਰਸ਼ਨ ਸਿੰਘ ਬਰਾੜ, ਅਕਾਲੀ ਆਗੂ ਨੀਰਜ ਸਹਿਗਲ ਵਲੋਂ ਜੀ ਆਇਆ ਕਿਹਾ ਗਿਆ।

ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵਲੋਂ ਵੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਚਾਰ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਉਹ ਵੀ ਆਪਣੇ ਵਾਅਦੇ ’ਤੇ ਖਰੀ ਨਹੀਂ ਉਤਰੀ।

ਬੀਬੀ ਬਾਦਲ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਅੱਜ ਉਨ੍ਹਾਂ ਵਲੋਂ ‘ਮਾਈ ਭਾਗੋ ਫੌਜ’ ਬਣਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਰਾਹੀਂ ਬੀਬੀਆਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਵਿਚ ਲਿਆਉਂਦੇ ਹਨ ਤਾਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਔਰਤਾਂ ਨੂੰ ਡੀ.ਜੀ.ਪੀ. ਪੱਧਰ ਦੀ ਜ਼ਿੰਮੇਵਾਰੀ ਦੇਣ ਅਤੇ ਪਿੰਡਾਂ ਵਿਚ ਬੀਬੀਆਂ ਦੀਆਂ ਟਾਸਕ ਫੋਰਸਾਂ ਬਣਾਉਣ ਦੀ ਗੱਲ ਵੀ ਉਨ੍ਹਾਂ ਕਹੀ।

ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 10 ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਲਈ ਕਈ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਪੰਜਾਬ ਪੁਲਿਸ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਦੀ ਕਥਿਤ ਤੌਰ ’ਤੇ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਸਰਕਾਰ ਦੀਆਂ ਕਥਿਤ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ  ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਕਾਰਨ ਮਰਦੇ ਦੇਖ ਕੇ ਦੁਖੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਕਥਿਤ ਤੌਰ ’ਤੇ ਹੋਮ ਡਿਲਿਵਰੀ ਤੱਕ ਹੋ ਰਹੀ ਹੈ ਅਤੇ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਅਸਫਲ ਰਹੀ ਹੈ। ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਲੋਕਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

ਚੰਦਨ ਪੈਲਸ ਵਿਖੇ ਕਰਵਾਏ ਗਏ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਬੀਬੀ ਹਰਸਿਮਰਤ ਕੌਰ ਬਾਦਲ, ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਚੰਦਨ ਪੈਲਸ ਤੋਂ ਪੈਦਲ ਮਾਰਚ ਕਰਦੇ ਹੋਏ ਐਸ.ਡੀ.ਐਮ. ਦਫ਼ਤਰ ਪਹੁੰਚੇ। ਇਸ ਦੌਰਾਨ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ‘ਭਗਵੰਤ ਮਾਨ ਮੁਰਦਾਬਾਦ’ ਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਐਸ.ਡੀ.ਐਮ. ਦਫ਼ਤਰ ਵਿਖੇ ਅਕਾਲੀ ਆਗੂਆਂ ਵਲੋਂ ਪੰਜਾਬ ਵਿਚ ਨਸ਼ਿਆਂ ਦੀ ਵਿਕਰੀ ਅਤੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਸਰਕਾਰ ਦੇ ਨਾਮ ਮੰਗ ਪੱਤਰ ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ ਅਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਨੂੰ ਸੌਂਪਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ- ਜਥੇਦਾਰ ਗੜਗੱਜ ਅਗਲੀ ਖ਼ਬਰ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ 'ਤੇ ਮੋਹਰ ਲਗਾਈ- ਮੁੱਖ ਮੰਤਰੀ ਭਗਵੰਤ...
Ad Position 24