ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਨੂੰ ਤਬਾਹ ਕੀਤਾ ਹੈ ਤੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 15 ਗੈਰ-ਕਾਨੂੰਨੀ ਪਿਸਤੌਲ ਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਜਾਂਚ ਵਿਚ ਮੁਲਜ਼ਮਾਂ ਦੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਵਿਚ ਸ਼ਾਮਿਲ ਹੋਰ ਸਾਥੀਆਂ ਨਾਲ ਸੰਬੰਧਾਂ ਦਾ ਵੀ ਖੁਲਾਸਾ ਹੋਇਆ ਹੈ।
ਪੀ.ਐਸ. ਛਾਉਣੀ, ਪੀ.ਐਸ. ਇਸਲਾਮਾਬਾਦ ਅਤੇ ਪੀ.ਐਸ. ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੂਰੀ ਤਰ੍ਹਾਂ ਪਿਛਲੇ ਅਤੇ ਅੱਗੇ ਸੰਬੰਧਾਂ ਦਾ ਪਰਦਾਫਾਸ਼ ਕਰਨ ਅਤੇ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।