ਚੰਡੀਗੜ੍ਹ, 14 ਅਕਤੂਬਰ- ਅੱਜ ਤੋਂ ਸ਼ੁਰੂ ਹੋ ਕੇ ਦੋ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸੰਬੰਧ ਵਿਚ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ, ਸੂਬੇ ਦੇ 11 ਜ਼ਿਲ੍ਹਿਆਂ ਵਿਚ ਗੜੇਮਾਰੀ ਦੀ ਸੰਭਾਵਨਾ ਹੈ, ਜਦੋਂ ਕਿ 7 ਹੋਰ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਸ਼ਾਮਿਲ ਹਨ।