ਵਡਾਲਾ ਗ੍ਰੰਥੀਆਂ ਸਟੇਸ਼ਨ, 15 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ) — ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਰੋਸ ਵਜੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਤਹਿਤ ਕਸਬੇ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਦੇ ਨਾਲ ਹੀ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਗੁਰਬਚਨ ਸਿੰਘ ਪਵਾਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਇਲਾਵਾ ਧਨਰਾਜ ਸਿੰਘ, ਦਲਜੀਤ ਸਿੰਘ, ਬਲਕਾਰ ਸਿੰਘ, ਗੁਰਜੀਤ ਸਿੰਘ, ਕਰਨਬੀਰ ਸਿੰਘ, ਬਲਜੀਤ ਸਿੰਘ, ਬਸੰਤ ਸਿੰਘ, ਮੰਗਲ ਸਿੰਘ, ਬੀਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕੁਮਾਰ, ਮਨਿੰਦਰ ਸਿੰਘ, ਦਲਜੀਤ ਸਿੰਘ ਸਾਬਾ, ਸਰਬਜੀਤ ਸਿੰਘ, ਅਰਵਿੰਦਰ ਸਿੰਘ, ਰੋਹਤ ਸਿੰਘ, ਕਰਤਾਰ ਸਿੰਘ, ਜੋਬਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਕੁਲਜੀਤ ਸਿੰਘ, ਜਰਮਨਜੀਤ ਸਿੰਘ, ਕੁਲਵੰਤ ਸਿੰਘ, ਦਲੀਪ ਸਿੰਘ ਅਤੇ ਅਜੇਪਾਲ ਸਿੰਘ ਆਦਿ ਵੱਲੋਂ ਬਟਾਲਾ-ਕਾਦੀਆਂ ਰੋਡ ’ਤੇ ਸਥਿਤ ਵਡਾਲਾ ਗ੍ਰੰਥੀਆਂ ਦੇ ਅੱਡੇ ਵਿਖੇ ਪੱਕਾ ਨਾਕਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋ ਕੇ ਮਾਨਸਾ ਦੀ ਘਟਨਾ ਵਿਰੁੱਧ ਰੋਸ ਪ੍ਰਗਟਾਇਆ ਅਤੇ ਇਨਸਾਫ਼ ਦੀ ਮੰਗ ਕੀਤੀ।
ਬੰਦ ਦੀ ਸ਼ੁਰੂਆਤ ਸਵੇਰੇ ਤੋਂ ਹੋਈ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਅੱਡੇ ਵਿੱਚ ਧਰਨਾ ਲਗਾ ਕੇ ਬੈਠ ਗਏ। ਸੜਕ ’ਤੇ ਆਵਾਜਾਈ ਬੰਦ ਹੋਣ ਕਾਰਨ ਸਕੂਲਾਂ ਅਤੇ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ, ਅਧਿਆਪਕਾਂ, ਆਪਣੀਆਂ ਡਿਊਟੀਆਂ ’ਤੇ ਜਾਣ ਵਾਲੇ ਮੁਲਾਜ਼ਮਾਂ ਅਤੇ ਹੋਰ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਵੱਲੋਂ ਵਾਹਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ, ਜਿਸ ਕਾਰਨ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ। ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਰਸਤਾ ਖੁੱਲ੍ਹਵਾਉਣ ਦੀ ਕੀਤੀ ਕੋਸ਼ਿਸ਼ ਧਰਨੇ ਅਤੇ ਸੜਕ ਬੰਦ ਹੋਣ ਦੀ ਸਥਿਤੀ ਨੂੰ ਦੇਖਦਿਆਂ ਡੀਐਸਪੀ ਸੁਖਇੰਦਰ ਸਿੰਘ ਸਮੇਤ ਪੁਲਿਸ ਦੇ ਵੱਖ-ਵੱਖ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਆਗੂਆਂ ਨਾਲ ਗੱਲਬਾਤ ਕਰਦਿਆਂ ਆਵਾਜਾਈ ਬਹਾਲ ਕਰਨ ਲਈ ਰਸਤਾ ਖੋਲ੍ਹਣ ਦੀ ਅਪੀਲ ਕੀਤੀ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਵੱਖ-ਵੱਖ ਜਥੇਬੰਦੀਆਂ ਦੇ ਆਗੂ ਧਰਨੇ ’ਤੇ ਡਟੇ ਹੋਏ ਸਨ ਅਤੇ ਮਾਨਸਾ ਦੀ ਘਟਨਾ ਵਿਰੁੱਧ ਆਪਣਾ ਰੋਸ ਜ਼ਾਹਰ ਕਰ ਰਹੇ ਸਨ। ਇਸ ਦੌਰਾਨ ਧਰਨਾਕਾਰੀ ਆਪਣੀਆਂ ਮੰਗਾਂ ਪੂਰੀਆਂ ਹੋਣ ਦੀ ਮੰਗ ’ਤੇ ਅਡੋਲ ਰਹੇ।