ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਕਤੂਬਰ (ਪ,ਪ, ਰਾਹੀਂ)- ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਗਾਜੀਪੁਰ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ 20 ਸਾਲਾਂ ਨੌਜਵਾਨ ਦੀ ਮੌਤ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ ਨੂੰ ਖ਼ਦਸ਼ਾ ਹੈ ਕਿ ਨੌਜਵਾਨ ਦੀ ਮੌਤ ਟੀਕੇ ਰਾਹੀਂ ਨਸ਼ਾ ਲੈਣ ਕਾਰਨ ਹੋਈ ਓਵਰਡੋਜ਼ ਨਾਲ ਹੋ ਸਕਦੀ ਹੈ।
ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਅਤੇ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ। ਮ੍ਰਿਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ। ਉਨ੍ਹਾਂ ਮੁਤਾਬਕ, ਬੀਤੇ ਦਿਨ ਉਨ੍ਹਾਂ ਨੂੰ ਕਿਸੇ ਜਾਣਕਾਰ ਦਾ ਫ਼ੋਨ ਆਇਆ, ਜਿਸ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿੰਡ ਤੋਤੀ ਵਿਚ ਇਕ ਟਿਊਬਵੈੱਲ ’ਤੇ ਬੇਹੋਸ਼ ਪਿਆ ਹੋਇਆ ਹੈ।
ਸੂਚਨਾ ਮਿਲਦਿਆਂ ਹੀ ਪਰਿਵਾਰ ਦੇ ਮੈਂਬਰ ਮੌਕੇ ਵੱਲ ਦੌੜੇ। ਉੱਥੇ ਪਹੁੰਚਣ ’ਤੇ ਨੌਜਵਾਨ ਦੀ ਹਾਲਤ ਬੇਹੱਦ ਗੰਭੀਰ ਸੀ। ਇਸ ਤੋਂ ਬਾਅਦ ਵਾਪਰੀ ਦੁੱਖਦਾਈ ਘਟਨਾ ਨੇ ਪਰਿਵਾਰ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ। ਜਗਤਾਰ ਸਿੰਘ ਨੇ ਪਿੰਡ ਤੋਤੀ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਦਾ ਦਾਅਵਾ ਹੈ ਕਿ ਇਲਾਕੇ ਵਿਚ ਅਕਸਰ ਨੌਜਵਾਨ ਨਸ਼ੇ ਦੀ ਹਾਲਤ ਵਿਚ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੇ ਫੈਲਾਅ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਇਸ ਦੇ ਨਤੀਜੇ ਹੋਰ ਵੀ ਭਿਆਨਕ ਹੋ ਸਕਦੇ ਹਨ।
ਪਿਤਾ ਦੀ ਚਿੰਤਾ ਸਿਰਫ਼ ਆਪਣੇ ਪੁੱਤਰ ਦੀ ਮੌਤ ਤੱਕ ਸੀਮਤ ਨਹੀਂ ਹੈ, ਸਗੋਂ ਉਹ ਚਾਹੁੰਦੇ ਹਨ ਕਿ ਹੋਰ ਮਾਪਿਆਂ ਨੂੰ ਅਜਿਹਾ ਸੰਤਾਪ ਨਾ ਹੰਢਾਉਣਾ ਪਵੇ। ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਹੜਾ ਵੀ ਵਿਅਕਤੀ ਇਸ ਵਿਚ ਦੋਸ਼ੀ ਪਾਇਆ ਗਿਆ ਉਸ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।