ਐੱਸ. ਏ. ਐੱਸ. ਨਗਰ (ਮੋਹਾਲੀ), 27 ਅਕਤੂਬਰ (ਅਜੀਤ ਬਿਊਰੋ)- ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਚਾਰ ਦਿਨਾਂ ਦਾ ਸੀ.ਬੀ.ਆਈ. ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਸਥਿਤ ਵਿਸ਼ੇਸ਼ ਮੈਜਿਸਟਰੇਟ ਸੀ.ਬੀ.ਆਈ. ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਮੌਕੇ ਸੀ.ਬੀ.ਆਈ. ਦੇ ਅਧਿਕਾਰੀਆਂ ਵਲੋਂ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।
ਅਦਾਲਤ ਨੇ ਨੀਲਮ ਰਾਣੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਉੱਧਰ, ਬਾਕੀ ਤਿੰਨ ਮੁਲਜ਼ਮਾਂ ਨੂੰ ਰਿਮਾਂਡ ਖ਼ਤਮ ਹੋਣ ’ਤੇ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਉਰਫ਼ ਝੋਟਾ ਦੀ 13 ਅਕਤੂਬਰ ਨੂੰ ਗੋਲੀਆਂ ਲੱਗਣ ਕਾਰਨ ਮਾਨਸਾ ਦੇ ਸਿਵਲ ਹਸਪਤਾਲ ਵਿਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੇ 14 ਅਕਤੂਬਰ ਨੂੰ ਦਰਜ ਐੱਫ.ਆਈ.ਆਰ. ਨੰਬਰ 269 ਤਹਿਤ ਅਸ਼ਵਨੀ ਕੁਮਾਰ ਅਤੇ ਵਿਪਿਨ ਗਰਗ ਨੂੰ 14 ਅਕਤੂਬਰ, ਨੀਲਮ ਰਾਣੀ ਨੂੰ 15 ਅਕਤੂਬਰ ਅਤੇ ਲਾਡੀ ਸਿੰਘ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਪਰਿਵਾਰ ਦੀ ਮੰਗ ਤੇ ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ਤੇ ਸੀ.ਬੀ.ਆਈ. ਨੇ 21 ਅਕਤੂਬਰ ਨੂੰ ਪੰਜਾਬ ਪੁਲਿਸ ਵਲੋਂ ਦਰਜ ਐਫ.ਆਈ.ਆਰ. ਨੂੰ ਮੁੜ ਤੋਂ ਰਜਿਸਟਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਜਾਂਚ ਏਜੰਸੀ ਨੂੰ 23 ਅਕਤੂਬਰ ਨੂੰ ਚਾਰੋਂ ਮੁਲਜ਼ਮਾਂ ਦਾ ਰਿਮਾਂਡ ਮਿਲਿਆ ਸੀ। ਇਸ ਦੌਰਾਨ ਹੱਤਿਆ ਸਮੇਂ ਦੇ ਹਾਲਾਤ, ਵਾਰਦਾਤ ਦੇ ਮੰਤਵ ਅਤੇ ਇਸ ਵਿਚ ਵਰਤੇ ਗਏ ਹਥਿਆਰਾਂ ਸਬੰਧੀ ਪੁੱਛਗਿੱਛ ਕੀਤੀ ਗਈ ਹੈ।