ਹਲਵਾਰਾ, (ਲੁਧਿਆਣਾ), 28 ਅਕਤੂਬਰ (ਮਨਦੀਪ ਸਿੰਘ ਉੱਭੀ)- ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸੰਬੰਧੀ ਲਗਾਏ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਹਲਵਾਰਾ ਦੇ ਮੇਨ ਚੌਕ ਵਿਚ ਗੁਰਦੁਆਰਾ ਕੇਂਦਰੀ ਸਾਹਿਬ ਦੇ ਨੇੜੇ ਲਗਾਏ ਗਏ ਇਸ ਨਾਕੇ ਦੌਰਾਨ ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਵਲੋਂ ਵਾਹਨਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਸੀ।
ਦੂਜੇ ਪਾਸੇ ਇਸ ਵਿਸ਼ੇਸ਼ ਨਾਕਾਬੰਦੀ ਕਾਰਨ ਹਲਵਾਰਾ ਦੇ ਮੁੱਖ ਚੌਕ ਵਿਚ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ। ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।