ਸਮਰਾਟ ਚੌਧਰੀ ਨੇ ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਰਿਹਾਇਸ਼ੀ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਉਣ ਵਾਲੇ 360ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ।
ਇਸ ਮੌਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰੇ ਦੌਰਾਨ ਭਾਰਤ ਸਮੇਤ ਦੁਨੀਆ ਭਰ ਤੋਂ ਪਹੁੰਚਣ ਵਾਲੀ ਸੰਗਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।
ਇਸ ਮੀਟਿੰਗ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਰਿਹਾਇਸ਼, ਆਵਾਜਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਗਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣਗੀਆਂ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਸਮਰਾਟ ਚੌਧਰੀ ਨੇ ਸਮੁੱਚੀ ਸਾਧ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਤੇ ਪਵਿੱਤਰ ਸਮਾਗਮ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਤੋਂ ਪਹੁੰਚਣ ਵਾਲੇ ਸ਼ਰਧਾਲੂਆਂ ਦਾ ਬਿਹਾਰ ਸਰਕਾਰ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।