ਚੰਡੀਗੜ੍ਹ, 3 ਨਵੰਬਰ (ਪ੍ਰੋ ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ 'ਤੇ ਫੇਰਬਦਲ ਕਰਦਿਆਂ 5 ਆਈ.ਏ.ਐੱਸ. ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਵਾਧੂ ਜ਼ਿੰਮੇਵਾਰੀਆਂ ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ ਆਈ.ਏ.ਐੱਸ. ਅਧਿਕਾਰੀ ਧੀਰੇਂਦਰ ਕੁਮਾਰ ਤਿਵਾੜੀ, ਜੋ ਇਸ ਸਮੇਂ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਆਬਕਾਰੀ ਅਤੇ ਕਰ ਵਿਭਾਗ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੂੰ ਵਧੀਕ ਮੁੱਖ ਸਕੱਤਰ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਵਧੀਕ ਮੁੱਖ ਸਕੱਤਰ, ਸੰਸਦੀ ਮਾਮਲੇ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਖਾਲੀ ਪਈ ਅਸਾਮੀ ਦੇ ਵਿਰੁੱਧ ਵਧੀਕ ਮੁੱਖ ਸਕੱਤਰ, ਕਿਰਤ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
2008 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਿਨੈ ਬੁਬਲਾਨੀ, ਜੋ ਕਮਿਸ਼ਨਰ ਪਟਿਆਲਾ ਡਵੀਜ਼ਨ ਵਜੋਂ ਤਾਇਨਾਤ ਹਨ, ਨੂੰ ਕਮਿਸ਼ਨਰ ਰੂਪਨਗਰ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। 2011 ਬੈਚ ਦੀ ਆਈ.ਏ.ਐੱਸ. ਅਧਿਕਾਰੀ ਦੀਪਤੀ ਉੱਪਲ, ਜੋ ਵਿਸ਼ੇਸ਼ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਦੇ ਨਾਲ ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਜੁਆਇੰਟ ਮੈਨੇਜਿੰਗ ਡਾਇਰੈਕਟਰ-ਕਮ-ਸੀ.ਈ.ਓ. ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਵਾਧੂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਨੂੰ ਵਿਸ਼ੇਸ਼ ਸਕੱਤਰ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਮਿਤ ਤਲਵਾੜ, ਜੋ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਨਸ਼ਾ ਤੇ ਜਾਤੀ ਜਨਗਣਨਾ ਦੇ ਨੋਡਲ ਅਧਿਕਾਰੀ ਵਜੋਂ ਤਾਇਨਾਤ ਹਨ, ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। 2018 ਬੈਚ ਦੇ ਆਈ.ਏ.ਐੱਸ. ਅਧਿਕਾਰੀ ਟੀ. ਬੈਨਿਥ, ਜੋ ਵਧੀਕ ਸਕੱਤਰ, ਮਾਲ ਤੇ ਪੁਨਰਵਾਸ ਵਿਭਾਗ ਵਜੋਂ ਤਾਇਨਾਤ ਹਨ, ਨੂੰ ਖਾਲੀ ਪਈ ਅਸਾਮੀ ਦੇ ਵਿਰੁੱਧ ਪੰਜਾਬ ਇਨਫਰਾਸਟਰੱਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਮੁੱਖ ਸਕੱਤਰ ਵਲੋਂ ਜਾਰੀ ਹੁਕਮਾਂ ਵਿੱਚ ਸਬੰਧਿਤ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਤੁਰੰਤ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।