ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਤਿੰਨ ਮਹੀਨਿਆਂ ਲਈ ਟਾਲੀ, ਆਈ.ਬੀ. ਦੀ ਰਿਪੋਰਟ ’ਚ ਚੋਣਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ
ਨਵੀਂ ਦਿੱਲੀ, 3 ਨਵੰਬਰ–ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੁਣਵਾਈ ਤਿੰਨ ਮਹੀਨਿਆਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਕਾਰਨ ਫਿਲਹਾਲ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਨਹੀਂ ਕੀਤਾ ਜਾਵੇਗਾ।
ਮੰਗਲਵਾਰ ਨੂੰ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੇ ਬੈਂਚ ਸਾਹਮਣੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੀ ਰਿਪੋਰਟ ਪੇਸ਼ ਕੀਤੀ ਗਈ। ਅਦਾਲਤ ਨੇ ਰਿਪੋਰਟ ਦਾ ਜਾਇਜ਼ਾ ਲੈਣ ਤੋਂ ਬਾਅਦ ਸੁਣਵਾਈ ਅੱਗੇ ਪਾ ਦਿੱਤੀ। ਰਿਪੋਰਟ ਵਿਚ ਖ਼ਦਸ਼ਾ ਜਤਾਇਆ ਗਿਆ ਹੈ ਕਿ ਹਵਾਰਾ ਨੂੰ ਪੰਜਾਬ ਤਬਦੀਲ ਕਰਨ ਨਾਲ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਵਾਰਾ ਦੀ ਪੰਜਾਬ ਦੀ ਜੇਲ੍ਹ ਵਿਚ ਤਬਦੀਲੀ ਦੀ ਸੰਭਾਵਨਾ ਬਾਰੇ ਆਈ.ਬੀ. ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਇਸ ਤਬਦੀਲੀ ਨਾਲ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਪੈਣ ਵਾਲੇ ਸੰਭਾਵਿਤ ਪ੍ਰਭਾਵ ਬਾਰੇ ਚਿੰਤਾ ਪ੍ਰਗਟਾਈ ਸੀ।
ਦਰਅਸਲ ਜਗਤਾਰ ਸਿੰਘ ਹਵਾਰਾ ਵਲੋਂ ਦਾਇਰ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਉਸ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਤਾਂ ਜੋ ਉਹ ਆਪਣੀ 90 ਸਾਲ ਤੋਂ ਵੱਧ ਉਮਰ ਦੀ ਬਜ਼ੁਰਗ ਮਾਂ ਨੂੰ ਮਿਲ ਸਕੇ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਨਾਜ਼ੁਕ ਹੈ।
ਸੁਣਵਾਈ ਦੌਰਾਨ ਜਸਟਿਸ ਸੁੰਦਰੇਸ਼ ਨੇ ਕਿਹਾ ਕਿ ਜੇਲ੍ਹ ਵਿਚ ਮੁਲਾਕਾਤ ਦੀ ਇਜਾਜ਼ਤ ਦੇਣ ਦੇ ਮਾਮਲੇ ਵਿਚ ਅਦਾਲਤ ਨੂੰ ਆਮ ਤੌਰ ’ਤੇ ਕੋਈ ਇਤਰਾਜ਼ ਨਹੀਂ ਹੁੰਦਾ, ਪਰ ਆਈ.ਬੀ. ਦੀ ਰਿਪੋਰਟ ਵਿਚ ਬੇਹੱਦ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਅਜਿਹਾ ਹੁਕਮ ਆਉਣ ਵਾਲੀਆਂ ਚੋਣਾਂ ਦੀ ਪ੍ਰਕਿਰਿਆ ਵਿਚ ਵਿਘਨ ਪਾ ਸਕਦਾ ਹੈ।