ਚੌੜਾ ਬਾਜ਼ਾਰ ਨੇੜੇ ਸਥਿਤ ਆਪਣੇ ਸ਼ੋਅਰੂਮ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜੀਵ ਕੁਮਾਰ ਮਾਣਾ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਉਨ੍ਹਾਂ ਕੋਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਲਗਾਤਾਰ ਰੇਕੀ ਵੀ ਕੀਤੀ ਜਾ ਰਹੀ ਹੈ, ਜਿਸ ਕਾਰਨ ਪਰਿਵਾਰ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਸਿਆਸੀ ਆਗੂਆਂ, ਪ੍ਰਸ਼ਾਸਨ ਅਤੇ ਪੁਲਿਸ ਦੇ ਕੁਝ ਵਿਅਕਤੀਆਂ ਦੀ ਮਿਲੀਭੁਗਤ ਕਾਰਨ ਉਨ੍ਹਾਂ ਨੂੰ ਪੇ੍ਸ਼ਾਨ ਕੀਤਾ ਜਾ ਰਿਹਾ ਹੈ। ਮਾਣਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਆਪਣੇ ਵਕੀਲਾਂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰਾਲੇ, ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਪੰਜਾਬ ਦੇ ਰਾਜਪਾਲ ਨੂੰ ਵੀ ਲਿਖਤੀ ਸ਼ਿਕਾਇਤਾਂ ਭੇਜੀਆਂ ਹਨ।
ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਵਿਚ ਉਨ੍ਹਾਂ ਨੇ ਕਥਿਤ ਤੌਰ 'ਤੇ ਪੇ੍ਸ਼ਾਨ ਕਰਨ ਵਾਲੇ ਵਿਅਕਤੀਆਂ ਦੇ ਨਾਂ ਵੀ ਦਰਜ ਕੀਤੇ ਹਨ। ਮਾਣਾ ਨੇ ਮੌਜੂਦਾ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਡਰੱਗ ਮਾਫੀਆ, ਗੈਂਗਸਟਰਾਂ ਅਤੇ ਪੁਲਿਸ ਦੇ ਕੁਝ ਲੋਕਾਂ ਵਿਚਕਾਰ ਮਿਲੀਭੁਗਤ ਹੈ। ਉਨ੍ਹਾਂ ਨਸ਼ਿਆਂ ਦੀ ਖੁੱਲ੍ਹੀ ਉਪਲਬਧਤਾ ਅਤੇ ਹੋਮ ਡਿਲੀਵਰੀ ਹੋਣ ਦੇ ਵੀ ਗੰਭੀਰ ਦੋਸ਼ ਲਗਾਏ।
ਰਜੀਵ ਕੁਮਾਰ ਮਾਣਾ ਨੇ ਕਿਹਾ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਕਾਰਨ ਉਨ੍ਹਾਂ ਨੂੰ ਆਪਣਾ ਚੱਲਦਾ ਕਾਰੋਬਾਰ ਬੰਦ ਕਰਨ ਵਰਗਾ ਸਖ਼ਤ ਫੈਸਲਾ ਲੈਣਾ ਪਿਆ ਹੈ।