ਚੰਡੀਗੜ੍ਹ, 10 ਨਵੰਬਰ- ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਤੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ਾਂ ਵਿਚ ਬੈਠੇ ਆਪਣੇ ਸੰਚਾਲਕਾਂ (handlers) ਦੇ ਸੰਪਰਕ ਵਿਚ ਸਨ, ਜੋ ਡਰੋਨ ਰਾਹੀਂ ਨਾਜਾਇਜ਼ ਹਥਿਆਰਾਂ ਦੀ ਖੇਪ ਭੇਜਣ ਵਿਚ ਮਦਦ ਕਰਦੇ ਸਨ। ਮੁਲਜ਼ਮ ਕਥਿਤ ਤੌਰ 'ਤੇ ਇਨ੍ਹਾਂ ਖੇਪਾਂ ਨੂੰ ਪ੍ਰਾਪਤ ਕਰਦੇ ਸਨ ਅਤੇ ਅੱਗੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ਨੂੰ ਹਥਿਆਰ ਸਪਲਾਈ ਕਰਦੇ ਸਨ।
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼ ਵਿਖੇ ਦੋ ਵੱਖ-ਵੱਖ ਮਾਮਲੇ (FIRs) ਦਰਜ ਕੀਤੇ ਗਏ ਹਨ। ਹੋਰ ਸਾਥੀਆਂ ਦੀ ਪਛਾਣ ਕਰਨ, ਹਥਿਆਰਾਂ ਦੀ ਸਪਲਾਈ ਦੇ ਪੂਰੇ ਪਿਛੋਕੜ ਅਤੇ ਅਗਲੇਰੇ ਸੰਪਰਕਾਂ ਦਾ ਪਤਾ ਲਗਾਉਣ, ਅਤੇ ਨਾਜਾਇਜ਼ ਹਥਿਆਰਾਂ ਦੇ ਵੱਡੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਅਤੇ ਪੂਰੇ #ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।