ਚੰਡੀਗੜ੍ਹ, ਅਜਨਾਲਾ,ਗੱਗੋ ਮਾਹਲ 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਿਸ ਪੰਜਾਬ ਦੇ ਕਈ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਹਲਕਾ ਅੰਜਨਾਲਾ ਤੋ ਵਾਰਿਸ ਪੰਜਾਬ ਦੇ ਕਈ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ।
ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਇੰਚਾਰਜ, ਸ੍ਰੀ ਕਰਤਾਰਪੁਰ ਕੋਰੀਡੋਰ ਕਮੇਟੀ ਦੇ ਪ੍ਰਮੁੱਖ ਮੈਂਬਰ ਅਤੇ ਸਿੱਖ ਚਿੰਤਕ ਸੁਰਿੰਦਰਪਾਲ ਸਿੰਘ ਤਾਲਬਪੁਰਾ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਿੰਦਰਪਾਲ ਸਿੰਘ ਤਾਲਬਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਚਿੰਨ੍ਹ ਵਾਲਾ ਮਫ਼ਲਰ ਪਹਿਨਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਅਤੇ ਲੋਕ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ।