ਕਪੂਰਥਲਾ, 13 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। ਸਿਵਲ ਸਰਜਨ ਦਫਤਰ ਦੇ ਬਾਹਰ ਧਰਨੇ ’ਤੇ ਬੈਠੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਮੰਗਾਂ ਤੋਂ ਬਿਲਕੁਲ ਹੀ ਪਾਸਾ ਵੱਟ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਵਿਚ ਵਾਧੇ, ਗਰੈਚੁਟੀ ਆਦਿ ਮੰਗਾਂ ਨੂੰ ਕੇ ਕੇ ਸੰਘਰਸ਼ ਕਰ ਰਹੇ ਹਨ ਤੇ ਨਿਗੂਣੀਆਂ ਤਨਖਾਹਾਂ ਵਿਚ ਮਹਿੰਗਾਈ ਭਰੇ ਦੌਰ ਵਿਚ ਉਨ੍ਹਾਂ ਵਲੋਂ ਘਰਾਂ ਦਾ ਗੁਜ਼ਾਰਾ ਕਰਨਾ ਬਿਲਕੁਲ ਮੁਸ਼ਕਿਲ ਹੋਇਆ ਪਿਆ ਹੈ।
ਯੂਨੀਅਨ ਦੇ ਹੋਰ ਆਗੂਆਂ ਨੇ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਬੇਨਤੀਜਾ ਮੀਟਿੰਗਾਂ ਤੋਂ ਹੁਣ ਉਹ ਅੱਕ ਚੁੱਕੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ 17 ਤਰੀਕ ਦੀ ਮੀਟਿੰਗ 'ਚ ਕੋਈ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਸਿਹਤ ਮੰਤਰੀ ਦੀ ਕੋਠੀ ਅੱਗੇ ਪੱਕਾ ਧਰਨਾ ਲਗਾਉਣਗੇ। ਉਸ ਤੋਂ ਬਾਅਦ ਵੀ ਕੋਈ ਹੱਲ ਨਾ ਹੋਇਆ ਤਾਂ ਉਹ ਸਰਕਾਰ ਨੂੰ ਚਲਦਾ ਕਰਨ ਲਈ ਤਿੱਖਾ ਸੰਘਰਸ਼ ਕਰਨਗੇ। ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ।