ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਬਟੈਨੀਕਲ ਗਾਰਡਨ ਵਿਚ ਪੰਜਾਬ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਨੇ ਆਪਣੇ ਸਰਵਿਸ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਸ਼ੁੱਕਰਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਗੁਰਮੰਗਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਪੰਜਾਬ ਪੁਲਿਸ ਵਿਚ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ।
ਜਾਣਕਾਰੀ ਅਨੁਸਾਰ ਗੁਰਮੰਗਤ ਸਿੰਘ ਪੰਜਾਬ ਯੂਨੀਵਰਸਿਟੀ ਦੇ ਬਟੈਨੀਕਲ ਗਾਰਡਨ ਦੇ ਹੈੱਡ ਮਾਲੀ ਸ਼ੇਰ ਸਿੰਘ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐੱਸਓ) ਵਜੋਂ ਤਾਇਨਾਤ ਸੀ। ਕੁਝ ਮਹੀਨੇ ਪਹਿਲਾਂ ਸ਼ੇਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤਾ ਗਿਆ ਸੀ। ਉਦੋਂ ਤੋਂ ਹੀ ਗੁਰਮੰਗਤ ਸਿੰਘ ਉਨ੍ਹਾਂ ਨਾਲ ਡਿਊਟੀ ਨਿਭਾਅ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ 'ਤੇ ਪਹੁੰਚੀਆਂ। ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐੱਫਐੱਸਐੱਲ) ਦੀ ਟੀਮ ਨੇ ਘਟਨਾ ਸਥਾਨ ਨੂੰ ਸੁਰੱਖਿਅਤ ਕਰਕੇ ਜਾਂਚ ਕੀਤੀ। ਗੁਰਮੰਗਤ ਸਿੰਘ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।