ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਲਈ ਅਦਾਲਤ ਵਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਅੱਜ ਸ਼ਾਮ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਭਲਕੇ 21 ਨਵੰਬਰ ਨੂੰ ਸਵੇਰੇ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਾਇਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਡੀ.ਐੱਸ.ਪੀ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਪੁਲਿਸ ਟੀਮ ਵਲੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਤੋਂ ਰਾਜਾਸਾਂਸੀ ਹਵਾਈ ਅੱਡੇ ਲਿਆਂਦਾ ਜਾਵੇਗਾ ਅਤੇ ਉੱਥੋਂ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਲਿਜਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਫਰਵਰੀ 2023 ਵਿਚ ਅਜਨਾਲਾ ਥਾਣੇ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਕੇਂਦਰ ਬਣ ਗਏ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਵਲੋਂ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ ਦੇ ਬਾਹਰ ਬੈਰੀਕੇਡ ਤੋੜ ਕੇ ਥਾਣਾ ਕੰਪਲੈਕਸ ਵਿਚ ਦਾਖ਼ਲ ਹੋਣ ਦਾ ਘਟਨਾਕ੍ਰਮ ਵਾਪਰਿਆ ਸੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਏ ਟਕਰਾਅ ਵਿੱਚ ਐੱਸ.ਪੀ. ਜੁਗਰਾਜ ਸਿੰਘ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
ਇਸ ਘਟਨਾ ਤੋਂ ਬਾਅਦ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਸਨ। ਲਗਭਗ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਪੁਲਿਸ ਦੀ ਭਾਲ ਤੋਂ ਬਾਅਦ 23 ਅਪ੍ਰੈਲ 2023 ਨੂੰ ਉਨ੍ਹਾਂ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਹੁਣ ਲਗਭਗ 3 ਸਾਲ 7 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਉਹ ਆਪਣੇ ਪਰਿਵਾਰ ਵਿਚ ਪਹੁੰਚਣਗੇ। ਅਦਾਲਤ ਵਲੋਂ ਮਿਲੀ ਇਜਾਜ਼ਤ ਅਨੁਸਾਰ ਕੱਲ੍ਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਉਹ ਪੁਲਿਸ ਹਿਰਾਸਤ ਵਿਚ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣਗੇ।