ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਪਰਮਜੀਤ ਕੌਰ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਕਪੂਰਥਲਾ ਵੱਲ ਆ ਰਹੀ ਸੀ। ਜਦੋਂ ਉਹ ਆਰ.ਸੀ.ਐਫ. ਦੇ ਗੇਟ ਨੰਬਰ-2 ਨੇੜੇ ਪਹੁੰਚੀ ਤਾਂ ਸੁਲਤਾਨਪੁਰ ਲੋਧੀ ਵਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।
ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕਾ ਦੀ ਲਾਸ਼ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।