22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬੇਅਦਬੀ ਮਾਮਲੇ ਵਿਚ ਸ਼ਿਕਾਇਤ ਵਾਪਸ ਲੈਣ ਲਈ ਬਣਾਇਆ ਗਿਆ ਦਬਾਅ - ਹਰਮੀਤ ਸਿੰਘ ਕਾਲਕਾ/ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ, 22 ਨਵੰਬਰ (ਦਵਿੰਦਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐਮ.ਸੀ.) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ...

Ad Position 21
No active advertisement
ਅਜੀਤ ਡੈਸਕ 22-11-2026

ਨਵੀਂ ਦਿੱਲੀ, 22 ਨਵੰਬਰ (ਦਵਿੰਦਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐਮ.ਸੀ.) ਦੇ ਪ੍ਰਧਾਨ  ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਵਿਚ ਗੁਰੁਦੁਆਰਾ ਸਿੰਘ ਸਭਾ ਸਹਿਬਪੂਰਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ 'ਤੇ ਬੇਹੱਦ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਤੋਂ ਬਾਅਦ ਜਦੋਂ ਦੋਸ਼ੀ ਖ਼ਿਲਾਫ਼ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਗਈ, ਤਾਂ ਕੁਝ ਲੋਕਾਂ ਵਲੋਂ ਸ਼ਿਕਾਇਤ ਵਾਪਸ ਲੈਣ ਲਈ ਭਾਰੀ ਦਬਾਅ ਬਣਾਇਆ ਗਿਆ। ਆਗੂਆਂ ਨੇ ਇਸ ਪੂਰੇ ਘਟਨਾਕ੍ਰਮ ਨੂੰ ਇਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਜਦੋਂ ਦੋਸ਼ੀ ਨੂੰ ਫੜ ਕੇ ਪੁਲਿਸ ਥਾਣੇ ਲਿਜਾਇਆ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ, ਤਾਂ ਅਚਾਨਕ ਅਜਿਹਾ ਮਾਹੌਲ ਬਣਾਇਆ ਜਾਣ ਲੱਗਾ ਕਿ ਸ਼ਿਕਾਇਤ ਵਾਪਸ ਲੈ ਲਈ ਜਾਵੇ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਸ਼ਿਕਾਇਤ ਵਾਪਸ ਕਰਵਾਉਣ ਲਈ ਇੰਨਾ ਦਬਾਅ ਕਿਉਂ ਬਣਾਇਆ ਜਾ ਰਿਹਾ ਸੀ? ਉਨ੍ਹਾਂ ਦੋਸ਼ ਲਾਇਆ ਕਿ ਸ਼ਿਕਾਇਤ ਵਾਪਸ ਹੋਣ ਦੀ ਸਥਿਤੀ ਵਿਚ ਨਾ ਸਿਰਫ਼ ਮਾਮਲੇ ਦੀ ਜਾਂਚ ਪ੍ਰਭਾਵਿਤ ਹੁੰਦੀ, ਸਗੋਂ ਇਸ ਸਾਜ਼ਿਸ਼ ਪਿੱਛੇ ਸ਼ਾਮਲ ਅਸਲ ਚਿਹਰਿਆਂ ਦੀ ਪਛਾਣ ਕਰਨਾ ਵੀ ਮੁਸ਼ਕਲ ਹੋ ਜਾਂਦਾ।
ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਕਮੇਟੀ ਦੇ ਮੈਂਬਰ ਘਟਨਾ ਸਥਾਨ 'ਤੇ ਪਹੁੰਚੇ ਅਤੇ ਉੱਥੇ ਮੌਜੂਦ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ, ਤਾਂ ਇਹ ਜਾਣਕਾਰੀ ਸਾਹਮਣੇ ਆਈ ਕਿ ਉੱਥੇ ਬਾਦਲ ਪਰਿਵਾਰ ਨਾਲ ਜੁੜੇ ਲੋਕ ਵੀ ਮੌਜੂਦ ਸਨ ਅਤੇ ਕੁਝ ਲੋਕਾਂ ਵਲੋਂ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਇਆ ਗਿਆ।
ਡੀ.ਐਸ.ਜੀ.ਐਮ.ਸੀ. ਆਗੂਆਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2015 ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੀ ਬੇਅਦਬੀ ਦੇ ਕਰੀਬ 400 ਮਾਮਲੇ ਸਾਹਮਣੇ ਆ ਚੁੱਕੇ ਹਨ, ਪਰ ਇਨ੍ਹਾਂ ਮਾਮਲਿਆਂ ਵਿਚ ਹੁਣ ਤੱਕ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਉਨ੍ਹਾਂ ਸਵਾਲ ਕੀਤਾ ਕਿ ਇੰਨੇ ਗੰਭੀਰ ਮਾਮਲਿਆਂ ਦੇ ਬਾਵਜੂਦ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਕਰਦਿਆਂ ਸਵਾਲ ਕੀਤਾ ਕਿ ਜਦੋਂ ਬੇਅਦਬੀ ਦੇ ਸੈਂਕੜੇ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਹਨ, ਤਾਂ ਹੁਣ ਤੱਕ ਇਨ੍ਹਾਂ ਮਾਮਲਿਆਂ ਵਿਚ ਕੀ ਕਾਰਵਾਈ ਹੋਈ ਹੈ ਅਤੇ ਕਿੰਨੇ ਲੋਕਾਂ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ?

ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਕਿ ਦਿੱਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਉਨ੍ਹਾਂ ਮੈਂਬਰਾਂ ਖ਼ਿਲਾਫ਼ ਵੀ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਜੋ ਬਾਦਲ ਪਰਿਵਾਰ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕੁਝ ਮੈਂਬਰਾਂ ਨੂੰ ਮੀਟਿੰਗਾਂ ਵਿਚ ਸ਼ਾਮਿਲ ਹੋਣ ਤੋਂ ਰੋਕਣ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਰੀਬ ਡੇਢ ਮਹੀਨਾ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਪਰਿਕਰਮਾ ਖੇਤਰ ਵਿੱ ਵਾਪਰੀ ਘਟਨਾ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਸ ਪਿੱਛੇ ਛੁਪੀ ਸੱਚਾਈ ਜਲਦ ਸੰਗਤ ਦੇ ਸਾਹਮਣੇ ਆਉਣੀ ਚਾਹੀਦੀ ਹੈ।
ਆਪਣੇ ਬਿਆਨ ਵਿੱਚ  ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਪਰਮਜੀਤ ਸਿੰਘ ਸਰਨਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਨਾ ਵਲੋਂ ਇਕ ਸਮਾਗਮ ਵਿਚ ਬੀਬੀ ਰਣਜੀਤ ਕੌਰ ਨੂੰ ਚੋਣ ਨਾ ਲੜਨ ਦੇਣ ਦੀ ਗੱਲ ਕਹੀ ਗਈ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਿਸੇ ਸਿਆਸੀ ਆਗੂ ਦੀ ਇੱਛਾ ਨਾਲ ਨਹੀਂ, ਸਗੋਂ ਸੰਗਤ ਦੇ ਸਮਰਥਨ ਅਤੇ ਫ਼ੈਸਲੇ ਨਾਲ ਲੜੀਆਂ ਅਤੇ ਜਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐਸ.ਜੀ.ਪੀ.ਸੀ. ਦੇ ਕਈ ਮੈਂਬਰ ਬੀਬੀ ਰਣਜੀਤ ਕੌਰ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਕਿਸੇ ਵੀ ਸਿਆਸੀ ਦਬਾਅ ਅੱਗੇ ਨਹੀਂ ਝੁਕਣਗੇ।
ਆਗੂਆਂ ਨੇ ਐਲਾਨ ਕੀਤਾ ਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਕ ਵਿਸਤ੍ਰਿਤ ਸ਼ਿਕਾਇਤ ਸੌਂਪੀ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਤੋਂ ਐਸ.ਜੀ.ਪੀ.ਸੀ. ਦੇ ਮੈਂਬਰ ਜਥੇਦਾਰ ਸਾਹਿਬ ਨਾਲ ਮੁਲਾਕਾਤ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਦੇਣਗੇ ਅਤੇ ਮਾਮਲੇ ਵਿੱਚ ਸਪੱਸ਼ਟੀਕਰਨ ਮੰਗਣਗੇ। ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਜਥੇਦਾਰ ਸਾਹਿਬ ਕੋਲ ਕੁਝ ਤੱਥਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੋਵੇ ਜਾਂ ਪੂਰੀ ਜਾਣਕਾਰੀ ਨਾ ਦਿੱਤੀ ਗਈ ਹੋਵੇ, ਇਸ ਲਈ ਸਾਰੇ ਪਹਿਲੂਆਂ ਨੂੰ ਸਪੱਸ਼ਟ ਕਰਕੇ ਸੱਚਾਈ ਸੰਗਤ ਦੇ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ।
ਅੰਤ ਵਿੱਚ ਹਰਮੀਤ ਸਿੰਘ ਕਾਲਕਾ ਅਤੇ  ਜਗਦੀਪ ਸਿੰਘ ਕਾਹਲੋਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਪਰਿਵਾਰ ਨੂੰ ਆਪਣੀ ਰਾਜਨੀਤੀ ਚਮਕਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਜਿਹੇ ਮਾਮਲਿਆਂ ਵਿਚ ਸਿਆਸਤ ਤੋਂ ਉੱਪਰ ਉੱਠ ਕੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

Ad Position 22
No active advertisement
ਅਗਲੀ ਖ਼ਬਰ ਦਿੱਲੀ ਪਹੁੰਚੇ ਨੀਦਰਲੈਂਡ ਦੇ ਵਿਦੇਸ਼ ਮੰਤਰੀ, ਟੌਮ ਬੇਰੇਂਡਸੇਨ
Ad Position 24