ਫਗਵਾੜਾ, (ਕਪੂਰਥਲਾ), 24 ਨਵੰਬਰ (ਹਰਜੋਤ ਸਿੰਘ ਚਾਨਾ)- ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਹੋਇਆ ਇਹ ਸਮਝੌਤਾ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਸੂਬੇ ਦੀ ਬਿਹਤਰੀ ਲਈ ਵੀ ਸਹਾਈ ਸਾਬਿਤ ਹੋਵੇਗਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਹੈ, ਕਿਉਂਕਿ ਸੂਬੇ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ। ਹਰ ਰੋਜ਼ ਕਤਲ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ ਅਤੇ ਬਾਹਰੀ ਸੂਬਿਆਂ ਤੋਂ ਆਏ ਲੋਕ ਪੰਜਾਬ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ।