ਜਗਰਾਉਂ (ਲੁਧਿਆਣਾ) 24 ਨਵੰਬਰ (ਕੁਲਦੀਪ ਸਿੰਘ ਲੋਹਟ) - ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਰਾਣੀ ਝਾਂਸੀ ਚੌਕ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ। ਇਸ ਨੂੰ ਦੋਵਾਂ ਪਾਰਟੀਆਂ ਵਲੋਂ ਇਕਜੁੱਟਤਾ ਦੇ ਪ੍ਰਗਟਾਵੇ ਅਤੇ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਦੋਵਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਲੱਡੂ ਵੰਡ ਕੇ ਗੱਠਜੋੜ ਦਾ ਸਵਾਗਤ ਕੀਤਾ। ਦੋਵਾਂ ਪਾਰਟੀਆਂ ਦੇ ਆਗੂਆਂ ਦੀ ਇਕ ਮੰਚ ’ਤੇ ਮੌਜੂਦਗੀ ਨੇ ਸਿਆਸੀ ਸਾਂਝ ਦੇ ਨਵੇਂ ਸਮੀਕਰਨਾਂ ਦਾ ਸੰਕੇਤ ਦਿੱਤਾ।ਇਸ ਮੌਕੇ ਐਸ.ਆਰ. ਕਲੇਰ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਸ਼ੁੱਭ ਸ਼ਗਨ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝ ਸਿਰਫ਼ ਸਿਆਸੀ ਗੱਠਜੋੜ ਹੀ ਨਹੀਂ, ਸਗੋਂ ਹਿੰਦੂ-ਸਿੱਖ ਭਾਈਚਾਰੇ ਦੀ ਆਪਸੀ ਸਾਂਝ, ਭਾਈਚਾਰਕ ਏਕਤਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਵੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਦੇ ਰਾਹ ਪੱਧਰੇ ਹੋਣਗੇ। ਉਨ੍ਹਾਂ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਸੂਬੇ ਵਿਚ ਵਿਕਾਸ, ਖ਼ੁਸ਼ਹਾਲੀ ਅਤੇ ਲੋਕ ਭਲਾਈ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗੀ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਗੱਠਜੋੜ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿਚ ਮਿਲ ਕੇ ਸਿਆਸੀ ਸਰਗਰਮੀਆਂ ਚਲਾਉਣ ਦਾ ਸੰਕਲਪ ਵੀ ਪ੍ਰਗਟਾਇਆ।
ਤਾਜ਼ਾ ਖ਼ਬਰਾਂ
Free
ਗੱਠਜੋੜ 'ਤੇ ਬਾਗੋ-ਬਾਗ ਹੋੇਏ ਅਕਾਲੀ, ਲੱਡੂ ਵੰਡਕੇ ਮਨਾਈ ਖੁਸ਼ੀ
ਜਗਰਾਉਂ (ਲੁਧਿਆਣਾ) 24 ਨਵੰਬਰ (ਕੁਲਦੀਪ ਸਿੰਘ ਲੋਹਟ) - ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ...
ਅਜੀਤ ਡੈਸਕ
24-11-2026