25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਮਨ ਅਰੋੜਾ ਵਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ...

Ad Position 21
No active advertisement
ਅਜੀਤ ਡੈਸਕ 25-11-2026

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ 15 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਅਤੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰ ਕੇ ਇਸ ਨੂੰ ਲੋਕ ਅਰਪਿਤ ਕੀਤਾ। ਇਸ ਨਵੇਂ ਪ੍ਰਬੰਧਕੀ ਕੰਪਲੈਕਸ ਵਿਚ 12 ਪ੍ਰਮੁੱਖ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਛੱਤ ਹੇਠ ਉਪਲਬਧ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਖਾਲੀਆਂ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਬ-ਡਵੀਜ਼ਨਲ ਕੰਪਲੈਕਸ ਸਿਰਫ਼ ਇਕ ਸ਼ਾਨਦਾਰ ਇਮਾਰਤ ਨਹੀਂ, ਸਗੋਂ ਲੋਕ-ਪੱਖੀ, ਜਵਾਬਦੇਹ ਅਤੇ ਸੁਚੱਜੇ ਪ੍ਰਸ਼ਾਸਨ ਦੀ ਨਵੀਂ ਪਛਾਣ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਜੁਲਾਈ 2025 ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਦੇ ਸਰਬਪੱਖੀ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਉਪਰੰਤ ਸ਼ਹਿਰ ਦੇ ਵਿਕਾਸ ਲਈ 22 ਕਰੋੜ ਰੁਪਏ ਦਾ ਇਕ ਹੋਰ ਅਹਿਮ ਪ੍ਰੋਜੈਕਟ ਵੀ ਉਲੀਕਿਆ ਗਿਆ। ਇਸ ਤਰ੍ਹਾਂ ਸੁਨਾਮ ਦੇ ਬੁਨਿਆਦੀ ਢਾਂਚੇ, ਪ੍ਰਸ਼ਾਸਕੀ ਸਹੂਲਤਾਂ ਅਤੇ ਸੁੰਦਰੀਕਰਨ ਨੂੰ ਨਵੀਂ ਦਿੱਖ ਦੇਣ ਲਈ 107 ਕਰੋੜ ਰੁਪਏ ਦੇ ਪ੍ਰੋਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਜਿਨ੍ਹਾਂ ਇਮਾਰਤਾਂ, ਦਫ਼ਤਰਾਂ, ਵਿਭਾਗਾਂ ਅਤੇ ਸੰਸਥਾਵਾਂ ਨਾਲ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਨਾਂ ਜੁੜਿਆ ਹੋਇਆ ਹੈ, ਉਨ੍ਹਾਂ ਸਾਰਿਆਂ ਨੂੰ ਸ਼ਹੀਦ ਦੇ ਮਹਾਨ ਰੁਤਬੇ ਅਨੁਸਾਰ ਵਿਸ਼ਵ ਪੱਧਰੀ ਦਿੱਖ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬ-ਡਵੀਜ਼ਨਲ ਕੰਪਲੈਕਸ ਦੇ ਲੋਕ ਅਰਪਣ ਹੋਣ ਨਾਲ ਇਹ ਸੁਪਨਾ ਸਾਕਾਰ ਹੋਣਾ ਸ਼ੁਰੂ ਹੋ ਗਿਆ ਹੈ। ਸੁਨਾਮ ਨੂੰ ਵਿਕਾਸ, ਸਫ਼ਾਈ, ਸੁੰਦਰੀਕਰਨ ਅਤੇ ਜਨਤਕ ਸਹੂਲਤਾਂ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਨਵੇਂ ਸਬ-ਡਵੀਜ਼ਨਲ ਕੰਪਲੈਕਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 43,500 ਵਰਗ ਫੁੱਟ ਵਿੱਚ ਉਸਾਰੀ ਗਈ ਇਹ ਇਮਾਰਤ ਸੁਨਾਮ ਸ਼ਹਿਰ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਸਰਕਾਰੀ ਇਮਾਰਤ ਹੈ। ਇਸ ਨੂੰ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਮੌਜੂਦਾ ਤੇ ਭਵਿੱਖੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਅਤਿ-ਆਧੁਨਿਕ ਢੰਗ ਨਾਲ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ‘ਵਨ-ਸਟਾਪ’ ਪ੍ਰਬੰਧਕੀ ਕੰਪਲੈਕਸ ਵਿਚ ਇਸ ਵੇਲੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ 12 ਪ੍ਰਮੁੱਖ ਸਰਕਾਰੀ ਵਿਭਾਗਾਂ ਦੇ ਦਫ਼ਤਰ ਇਕੋ ਛੱਤ ਹੇਠ ਤਬਦੀਲ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚ ਐੱਸ.ਡੀ.ਐੱਮ. ਦਫ਼ਤਰ, ਤਹਿਸੀਲ ਦਫ਼ਤਰ, ਸਹਿਕਾਰੀ ਸਭਾਵਾਂ ਅਤੇ ਡਰੇਨੇਜ ਵਿਭਾਗ ਸਮੇਤ ਹੋਰ ਅਹਿਮ ਸਰਕਾਰੀ ਦਫ਼ਤਰ ਸ਼ਾਮਿਲ ਹਨ। ਇਸ ਨਾਲ ਵੱਖ-ਵੱਖ ਵਿਭਾਗਾਂ ਦਰਮਿਆਨ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਦੇ ਕੰਮ ਵੀ ਤੇਜ਼ੀ ਨਾਲ ਨੇਪਰੇ ਚੜ੍ਹ ਸਕਣਗੇ।ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਦਫ਼ਤਰਾਂ ਦੇ ਚੱਕਰ ਲਾਉਣੇ ਪੈਂਦੇ ਸਨ। ਇਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਖ਼ਰਚ ਹੋਣ ਦੇ ਨਾਲ-ਨਾਲ ਬੇਲੋੜੀ ਖੱਜਲ-ਖੁਆਰੀ ਵੀ ਹੁੰਦੀ ਸੀ। ਹੁਣ ਸੰਬੰਧਿਤ ਸਰਕਾਰੀ ਦਫ਼ਤਰ ਇਕੋ ਕੰਪਲੈਕਸ ਵਿਚ ਹੋਣ ਨਾਲ ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਮਿਲ ਸਕਣਗੀਆਂ।ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਦੇ ਮੁਖੀ ਵਜੋਂ ਐੱਸ.ਡੀ.ਐੱਮ. ਵੀ ਇਸੇ ਕੰਪਲੈਕਸ ਵਿਚ ਬੈਠਣਗੇ। ਇਸ ਨਾਲ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਕੰਮਕਾਜ ਸੰਬੰਧੀ ਕੋਈ ਦਿੱਕਤ, ਸ਼ਿਕਾਇਤ ਜਾਂ ਗਿਲਾ ਹੋਣ ਦੀ ਸੂਰਤ ਵਿਚ ਸਿੱਧੇ ਤੌਰ ’ਤੇ ਉੱਚ ਪ੍ਰਸ਼ਾਸਕੀ ਅਧਿਕਾਰੀ ਤੱਕ ਪਹੁੰਚ ਕਰਨੀ ਸੁਖਾਲੀ ਹੋਵੇਗੀ। ਸਾਰੇ ਅਹਿਮ ਵਿਭਾਗ ਇਕੋ ਥਾਂ ਹੋਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਵਧੇਰੇ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੋ ਸਕੇਗਾ।
ਕੈਬਨਿਟ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਇਸ ਨਵੇਂ ਸਬ-ਡਵੀਜ਼ਨਲ ਕੰਪਲੈਕਸ ਦੇ ਕਾਰਜਸ਼ੀਲ ਹੋਣ ਨਾਲ ਜਿੱਥੇ ਲੋਕਾਂ ਨੂੰ ਬਿਹਤਰ ਅਤੇ ਸੁਖਾਲੀਆਂ ਸਰਕਾਰੀ ਸੇਵਾਵਾਂ ਮਿਲਣਗੀਆਂ, ਉੱਥੇ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਵਿੱਚ ਵੀ ਵਾਧਾ ਹੋਵੇਗਾ। 

Ad Position 22
No active advertisement
ਪਿਛਲੀ ਖ਼ਬਰ ਅੰਤਿਮ ਸੰਸਕਾਰ ਮੌਕੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਨਗਰ ਨਿਗਮ ਨੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਵਾਏ, ਕੁਝ ਦੁਕਾਨਦਾਰਾਂ ਦੇ ਸਮਾਨ ਕੀਤੇ ਜ਼ਬਤ
Ad Position 24