ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਦਾ ਆਸ਼ੀਰਵਾਦ ਰਿਹਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ ਤੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਮੁਗਲ ਸਾਮਰਾਜ ਖਿਲਾਫ਼ ਆਖਰੀ ਜੰਗ ਲੜੀ ਗਈ ਅਤੇ ਫਤਿਹ ਹਾਸਿਲ ਕਰਕੇ ਜ਼ੁਲਮ ਦਾ ਖਾਤਮਾ ਕੀਤਾ। ਉਨ੍ਹਾਂ ਕਿਹਾ ਕਿ 40 ਮੁਕਤਿਆਂ ਦੀ ਯਾਦ ਵਿਚ ਇਥੋਂ ਦਾ ਮਾਘੀ ਜੋੜ ਮੇਲਾ ਵਿਸ਼ਵ ਪੱਧਰ 'ਤੇ ਪ੍ਰਸਿੱਧ ਹੈ।
ਉਨ੍ਹਾਂ ਹਰ ਪਾਸੇ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਵਿਖੇ ਮੀਤ ਮੈਨੇਜਰ ਸੁਖਦੇਵ ਸਿੰਘ ਮੋਹਲਾਂ ਵਲੋਂ ਦਲਵਿੰਦਰ ਦਿਆਲਪੁਰੀ ਨੂੰ ਸਿਰਪਾਓ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਇੱਥੋਂ ਦੇ ਇਤਿਹਾਸ ਸਬੰਧੀ ਕਿਤਾਬਚਾ ਭੇਂਟ ਕੀਤਾ। ਇਸ ਮੌਕੇ ਭਾਈ ਸੁਖਦੇਵ ਸਿੰਘ ਨੇ ਕਿਹਾ ਕਿ ਕਲਾਕਾਰ ਆਪਣੀ ਗਾਇਕੀ ਰਾਹੀਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਗੀਤਕਾਰ ਮੀਤ ਗੁਰਨਾਮ ਪੰਜਗਰਾਈਂ ਕਲਾਂ, ਗਾਇਕ ਸੁਖਦੇਵ ਗਿੱਲ ਕਪੂਰਥਲਾ ਨੂੰ ਵੀ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ, ਮੋਹਕਮ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।