ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੀ ਅਗਵਾਈ ਹੇਠ ਹੋਏ ਇਸ ਅਭਿਆਸ ਦੌਰਾਨ ਐਮਰਜੈਂਸੀ ਵਰਗੀ ਸਥਿਤੀ ਪੈਦਾ ਕਰਕੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ। ਇਸ ਮੌਕੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਐਂਬੂਲੈਂਸ ਸੇਵਾਵਾਂ ਅਤੇ ਪੁਲਿਸ ਦੀਆਂ ਟੀਮਾਂ ਨੇ ਹਿੱਸਾ ਲਿਆ।
ਭਾਰਤੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਐਮਰਜੈਂਸੀ ਦੌਰਾਨ ਤੁਰੰਤ ਕਾਰਵਾਈ, ਲੋਕਾਂ ਦੀ ਸੁਰੱਖਿਅਤ ਨਿਕਾਸੀ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਸਮਰੱਥਾ ਨੂੰ ਪਰਖਣਾ ਸੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ, ਐਮਰਜੈਂਸੀ ਸੂਚਨਾ ਮਿਲਣ ’ਤੇ ਕਾਰਵਾਈ ਕਰਨ ਦੀ ਪ੍ਰਕਿਰਿਆ ਅਤੇ ਬਚਾਅ ਟੀਮਾਂ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਏ.ਡੀ.ਸੀ. ਗੀਤਿਕਾ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।