ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਲਈ ਸਿਵਲ ਡਿਫੈਂਸ ਟੀਮ ਦੀ ਅਗਵਾਈ ਹੇਠ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਮੌਕ ਡਰਿੱਲ ਦੌਰਾਨ ਚੀਫ ਵਾਰਡਨ ਪਰਮਿੰਦਰ ਸਿੰਘ ਥਿੰਦ ਅਤੇ ਹੋਮਗਾਰਡ ਦੇ ਸੀਨੀਅਰ ਅਧਿਕਾਰੀ ਅਨੀਸ਼ ਗੁਪਤਾ ਨੇ ਲੋਕਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਇਲਾਕੇ ਵਿਚ ਹਮਲਾ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ ਅਤੇ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਕਿਵੇਂ ਪਹੁੰਚਾਈ ਜਾ ਸਕਦੀ ਹੈ।
ਫ਼ਿਰੋਜ਼ਪੁਰ ਸ਼ਹਿਰ ਵਿਚ ਹੋਏ ਇਸ ਅਭਿਆਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦਾ ਅਭਿਆਸ ਕੀਤਾ। ਸਿਵਲ ਡਿਫੈਂਸ ਦੇ ਵਲੰਟੀਅਰਾਂ ਨੇ ਹਾਜ਼ਰ ਲੋਕਾਂ ਨੂੰ ਵਿਖਾਇਆ ਕਿ ਹਮਲੇ ਜਾਂ ਕਿਸੇ ਅਣਸੁਖਾਵੀਂ ਘਟਨਾ ਤੋਂ ਬਾਅਦ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਕਿਵੇਂ ਪਹੁੰਚਾਉਣਾ ਹੈ ਅਤੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਕਿਵੇਂ ਦੇਣੀ ਹੈ।
ਇਸ ਤੋਂ ਇਲਾਵਾ ਅੱਗ ਲੱਗਣ ਵਰਗੀ ਐਮਰਜੈਂਸੀ ਸਥਿਤੀ ਵਿੱਚ ਫਾਇਰ ਬ੍ਰਿਗੇਡ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਵੀ ਵਿਹਾਰਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸਿਵਲ ਡਿਫੈਂਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਮੌਕ ਡਰਿੱਲ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਵਧਾਉਣਾ ਅਤੇ ਐਮਰਜੈਂਸੀ ਸਮੇਂ ਤੁਰੰਤ ਰਾਹਤ ਤੇ ਬਚਾਅ ਕਾਰਜ ਯਕੀਨੀ ਬਣਾਉਣਾ ਸੀ।