ਸੁਲਤਾਨਪੁਰ ਲੋਧੀ (ਕਪੂਰਥਲਾ), 28 ਨਵੰਬਰ (ਨਰੇਸ਼ ਹੈਪੀ)- ਸਥਾਨਕ ਤਲਵੰਡੀ ਚੌਰੀ ਰੋਡ 'ਤੇ ਇਕ ਓਡੀ ਕਾਰਨ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਖੜੇ ਦੋ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਨ੍ਹਾਂ ਨੂੰ ਰਾਹਗੀਰਾਂ ਨੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਹੈ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਬਹੁਤ ਜ਼ਿਆਦਾ ਸੀਰੀਅਸ ਹੈ ਜਦਕਿ ਦੂਸਰੇ ਨੌਜਵਾਨ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ।
ਉਪਰੰਤ ਓਡੀ ਕਾਰ ਨੇ ਦੋ ਹੋਰ ਨੌਜਵਾਨਾਂ ਨੂੰ ਜ਼ਬਰਦਸਤ ਟੱਕਰ ਮਾਰੀ ਜਿਨ੍ਹਾਂ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜੋ ਕਿ ਸ਼ਾਹਕੋਟ ਏਰੀਆ ਦੇ ਦੱਸੇ ਜਾ ਰਹੇ ਹਨ। ਜ਼ਖ਼ਮੀ ਹੋਏ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਰੋਸ ਵਜੋਂ ਤਲਵੰਡੀ ਰੋਡ ਤੇ ਧਰਨਾ ਦੇ ਦਿੱਤਾ। ਏ.ਸੀ.ਪੀ. ਧੀਰੇਂਦਰ ਵਰਮਾ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਪੀੜਿਤ ਪਰਿਵਾਰਾਂ ਨੂੰ ਹੌਸਲਾ ਦਿੱਤਾ ਅਤੇ ਭਰੋਸਾ ਦਿੱਤਾ ਕਿ ਆਰੋਪੀ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਰਨਾ ਚੁਕਵਾ ਦਿੱਤਾ ਗਿਆ ਹੈ ਪਰੰਤੂ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਓਡੀ ਕਾਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਧਰਨਾਕਾਰੀ ਬਾਰ ਬਾਰ ਇਨਸਾਫ ਦੀ ਮੰਗ ਕਰਦੇ ਹੋਏ ਆਰੋਪੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਸਨ।