ਪੰਚਕੂਲਾ, 10 ਮਈ (ਕਪਿਲ)-ਪੁਲਿਸ ਪ੍ਰਸ਼ਾਸਨ ਵਲੋਂ ਸੂਬੇ ਅੰਦਰ 12 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਕਰਦਿਆਂ ਹਰਿਆਣਾ ਦੇ ਡੀ. ਜੀ. ਪੀ. ਮਨੋਜ ਯਾਦਵ ਨੇ ਕਿਹਾ ਕਿ ਪੁਲਿਸ ਸ਼ਾਂਤੀਪੂਰਨ ਅਤੇ ਘਟਨਾ ਮੁਕਤ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪੋਿਲੰਗ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਪਿਛਲੇ ਹਫ਼ਤੇ ਉਨ੍ਹਾਂ ਵਲੋਂ ਖੁਦ ਵੱਖ-ਵੱਖ ਜ਼ਿਲਿ੍ਹਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲਈ ਕੁੱਲ 67 ਹਜ਼ਾਰ ਪੁਲਿਸ ਮੁਲਾਜ਼ਮ ਪੂਰੇ ਹਰਿਆਣਾ ਅੰਦਰ ਤਾਇਨਾਤ ਰਹਿਣਗੇ | ਸਾਰੇ ਰੇਂਜ ਆਈ. ਜੀ., ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਐੱਸ. ਪੀਜ਼. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਅੰਦਰ ਕਨੂੰਨ-ਵਿਵਸਥਾ ਨੂੰ ਕਾਇਮ ਰੱਖਣ 'ਚ ਕੋਈ ਕਸਰ ਬਾਕੀ ਨਾ ਛੱਡਣ | ਡੀ. ਜੀ. ਪੀ. ਨੇ ਸਪੱਸ਼ਟ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਅੜਚਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਗ਼ੈਰ-ਸਮਾਜੀ ਤੱਤਾਂ 'ਤੇ ਕੜੀ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਆਪਣੇ ਵੋਧ ਦੇ ਅਧਿਕਾਰ ਦੀ ਵਰਤੋਂ ਕਰਨ |