ਐੱਸ. ਏ. ਐੱਸ. ਨਗਰ, 9 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਐਕਸ਼ਨ ਲੈਣ ਦੀਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਲਕਾਂ ਦੀਆਂ ਜ਼ਮੀਨਾਂ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਉਨ੍ਹਾਂ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 7 ਖਣਨ ਕਲੱਸਟਰਾਂ ਵਿਚੋਂ 6 ਕਲੱਸਟਰਾਂ ਦੀ ਨਿਲਾਮੀ ਹੋ ਚੁੱਕੀ ਹੈ ਅਤੇ ਸਰਕਾਰ ਲੋਕਾਂ ਨੂੰ ਵਾਜਿਬ ਭਾਅ ਉੱਤੇ ਰੇਤ-ਬਜ਼ਰੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਤਾੜਨਾ ਕੀਤੀ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਾਲੇ ਆਪਣਾ ਕੰਮ ਬੰਦ ਕਰਨ ਅਤੇ ਸਿਰਫ ਨਿਲਾਮ ਕੀਤੀਆਂ ਖੱਡਾਂ ਤੋਂ ਹੀ ਖਣਨ ਕਰਨ ਦੀ ਪ੍ਰਵਾਨਗੀ ਹੈ |