ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੀਤੀ 15 ਅਗਸਤ ਨੂੰ ਉਨ੍ਹਾਂ ਵਲੋਂ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਦੇਸ਼ ਅੰਦਰ ਨਿਰੰਤਰ ਵੱਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਦੇ ਅਹਿਮ ਮੁੱਦੇ ਨੂੰ ਉੱਭਰਨ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੰਗ ਨੇ ਦੱਸਿਆ ਕਿ ਉਨ੍ਹਾਂ ਵਲੋਂ ਵੀ ਸਮੇਂ-ਸਮੇਂ ਸਿਰ ਪ੍ਰਧਾਨ ਨੂੰ ਪੱਤਰ ਲਿਖ ਕੇ ਵਧਦੀ ਆਬਾਦੀ ਨੂੰ ਕੰਟਰੋਲ ਕਰਨ 'ਤੇ ਜ਼ੋਰ ਦਿੱਤਾ ਚੁੱਕਾ ਹੈ ਕਿਉਂਕਿ ਦੇਸ਼ ਦਾ ਵਿਕਾਸ ਵੱਧ ਰਹੀ ਜਨਸੰਖਿਆ ਦੇ ਸਨਮੁੱਖ ਛੋਟਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਇਸ ਅਹਿਮ ਸਮੱਸਿਆ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਨੂੰ ਸਾਰਥਕ ਕਦਮ ਉੱਠਾਉਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਛੋਟੇ ਪਰਿਵਾਰ ਰੱਖਣ ਸਬੰਧੀ ਪ੍ਰੇਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਆਬਾਦੀ ਨੂੰ ਕੰਟਰੋਲ ਕਰਨ ਲਈ ਪਹਿਲਕਦਮੀ ਕੀਤੀ ਗਈ ਸੀ, ਪ੍ਰੰਤੂ ਇਸ ਸਬੰਧੀ ਨੀਤੀ ਨੂੰ ਲਾਗੂ ਕਰਨ ਵਾਲੀ ਮਸ਼ੀਨਰੀ/ਏਜੰਸੀਆਂ ਵਲੋਂ ਬੁਰੇ ਤਰੀਕੇ ਅਪਨਾਉਣ ਭਾਵ ਜਬਰਦਸਤੀ ਨਸਬੰਦੀ ਆਦਿ ਕਾਰਨ ਕਾਰਨ ਇਹ ਸਫਲ ਨਹੀਂ ਸੀ ਹੋ ਸਕੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੇ ਪੱਤਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁਰਜ਼ੋਰ ਬੇਨਤੀ ਕੀਤੀ ਹੈ ਕਿ ਕੇਂਦਰ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਤਾਲਮੇਲ ਕਰਕੇ ਇਸ ਸਮੱਸਿਆ ਦੇ ਹੱਲ ਲਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਇਸ ਨੀਤੀ ਨੂੰ ਬਿਨਾਂ ਕਿਸੇ ਦੇਰੀ ਤੋਂ ਜੰਗੀ ਪੱਧਰ 'ਤੇ ਲਾਗੂ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਮਸਲੇ 'ਤੇ ਬਾਰੀਕੀ ਨਾਲ ਵਿਚਾਰ-ਚਰਚਾ ਕਰਨ ਲਈ ਇਕ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ, ਜਿਸ ਦੌਰਾਨ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਬਣਾਉਂਦਿਆਂ ਠੋਸ ਰਣਨੀਤੀ ਬਣਾਈ ਜਾਵੇ |