ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2022

ਖ਼ਾਲਸਾ ਸਾਜਣਾ : ਮਾਨਵਵਾਦੀ ਇਤਿਹਾਸ ਦਾ ਇਨਕਲਾਬੀ ਪੰਨਾ

Ad Position 21
No active advertisement
ਅਜੀਤ ਡੈਸਕ 14-04-2022

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਈ: ਦੀ ਵਿਸਾਖੀ ਦਾ ਦਿਨ ਤਵਾਰੀਖ਼ ਅੰਦਰ ਖ਼ਾਸ ਮਹੱਤਵ ਵਾਲਾ ਹੈ ਕਿਉਂਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਅਧਿਆਇ ਅੰਕਿਤ ਕੀਤਾ। ਇਹ ਦਿਹਾੜਾ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਨਾਮਈ ਹੋਣ ਦੇ ਨਾਲ-ਨਾਲ ਹੱਕ ਸੱਚ ਦੀ ਰਖਵਾਲੀ ਲਈ ਅਡੋਲ ਹੈ, ਅਡਿੱਗ ਹੈ। ਇਸ ਵਿਚ ਗੁਣਾਂ ਦੀ ਮੁਕੰਮਲਤਾ ਹੈ, ਔਗੁਣ ਨੂੰ ਕੋਈ ਥਾਂ ਨਹੀਂ। ਇਸ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ ਪਵਿੱਤਰ ਵਿਚਾਰਧਾਰਾ ਦਾ ਸ਼ੁਮਾਰ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਲਸਾ ਰੂਪੀ ਆਦਰਸ਼ਕ ਮਨੁੱਖ ਲਈ ਪਹਿਲੀ ਸ਼ਰਤ ਇਹ ਨਿਸਚਿਤ ਕੀਤੀ ਸੀ:
ਜਉ ਤਉ ਪ੍ਰੇਮ ਖੇਲਣ ਕਾ ਚਾਉ
ਸਿਰੁ ਧਰਿ ਤਲੀ ਗਲੀ ਮੇਰੀ ਆਉ
ਇਤੁ ਮਾਰਗਿ ਪੈਰੁ ਧਰੀਜੈ
ਸਿਰੁ ਦੀਜੈ ਕਾਣਿ ਨ ਕੀਜੈ
ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਵਿਚ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖਾਂ ਨੂੰ ਇਹੋ ਪਾਠ ਦ੍ਰਿੜ੍ਹ ਕਰਵਾਇਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਨੂੰ ਵਿਸਾਖੀ ਦੇ ਦਿਹਾੜੇ 'ਤੇ ਖ਼ਾਲਸੇ ਦੀ ਸਿਰਜਣਾ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਅਰਥ ਪ੍ਰਦਾਨ ਕੀਤੇ। ਦਸਵੇਂ ਪਾਤਸ਼ਾਹ ਜੀ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ, ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ। ਇਹ ਦਿਹਾੜਾ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ, ਕਿਉਂਕਿ ਇਸ ਦਿਨ ਜਿਥੇ ਇਕ ਪਾਸੇ ਗੁਰੂ ਜੀ ਵਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋਏ, ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਜੀ ਨੇ ਵੀ ਖ਼ਾਲਸੇ ਪਾਸੋਂ ਆਪ ਅੰਮ੍ਰਿਤਪਾਨ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ ਜਿਸ ਵਿਚ ਗੁਰੂ-ਚੇਲੇ ਵਿਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦ੍ਰਿਸ਼ ਨੂੰ ਵਾਹ-ਵਾਹ ਕਹਿ ਕੇ ਵਡਿਆਉਂਦੇ ਹਨ:
ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰੁ ਚੇਲਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜਿਆ ਖ਼ਾਲਸਾ ਹਰ ਕਿਸਮ ਦੀ ਸ਼ਖ਼ਸੀ ਗੁਲਾਮੀ ਤੋਂ ਆਜ਼ਾਦ ਹੋ ਕੇ ਅਕਾਲ ਪੁਰਖ ਵਾਹਿਗੁਰੂ ਨਾਲ ਸਿੱਧੇ ਰੂਪ ਵਿਚ ਸੰਬੰਧਿਤ ਹੈ ਜੋ ਪਰਮਾਤਮਾ ਦੀ ਆਪਣੀ ਰਜ਼ਾ ਵਿਚੋਂ ਹੀ ਪ੍ਰਗਟ ਹੋਇਆ ਹੈ:
ਖ਼ਾਲਸਾ ਅਕਾਲ ਪੁਰਖ ਕੀ ਫੌਜ।
ਪ੍ਰਗਟਿਓ ਖ਼ਾਲਸਾ ਪ੍ਰਮਾਤਮ ਕੀ ਮੌਜ।
ਖ਼ਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖ਼ਾਲਸਾ ਝੂਠ, ਬੇਈਮਾਨੀ, ਵਲ-ਫਰੇਬ ਤੋਂ ਦੂਰ ਮਨੁੱਖਤਾ ਦਾ ਹਮਦਰਦ ਹੈ। ਖ਼ਾਲਸਾ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਖ਼ਾਲਸਾ ਪੰਜ ਕਕਾਰੀ ਰਹਿਣੀ ਦਾ ਧਾਰਨੀ ਹੈ। ਸੱਚਾ ਤੇ ਧਰਮੀ ਜੀਵਨ ਜਿਊਣਾ ਖ਼ਾਲਸੇ ਦਾ ਨੇਮ ਹੈ। ਧਰਮ ਅਤੇ ਸਦਾਚਾਰ ਦੇ ਸੁਮੇਲ ਖ਼ਾਲਸੇ ਦੀ ਆਵਾਜ਼ ਹਮੇਸ਼ਾ ਹੀ ਹੱਕ ਤੇ ਸੱਚ ਲਈ ਉੱਠਦੀ ਹੈ। ਜਬਰ ਤੇ ਜ਼ੁਲਮ ਵਿਰੁੱਧ ਡਟਣਾ ਖ਼ਾਲਸੇ ਦਾ ਪਰਮ ਧਰਮ ਕਰਤੱਵ ਹੈ। ਉੱਚੀ-ਸੁੱਚੀ ਜੀਵਨ-ਜਾਚ ਇਸ ਦੀ ਲਖਾਇਕ ਹੈ। ਦਸਮੇਸ਼ ਪਿਤਾ ਜੀ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ, ਜਿਹੜਾ ਹੁਣ ਤੱਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ-ਨਵੀਆਂ ਸਿਖਰਾਂ ਛੋਂਹਦਾ ਆ ਰਿਹਾ ਹੈ।
ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ, ਸਿੱਖ ਰਹਿਤ ਦੀ ਪਰਪੱਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਹਿਰੇਦਾਰੀ ਖ਼ਾਲਸਈ ਜੀਵਨ ਦਾ ਅਹਿਮ ਵਿਧਾਨ ਹੈ। ਇਸੇ ਰੌਸ਼ਨੀ ਵਿਚ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ। ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ 'ਤੇ ਮੈਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਣੀਏ, ਕਿਉਂਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਆਪਣੀ ਪਛਾਣ ਨਾਲ ਅੱਗੇ ਨਹੀਂ ਵਧ ਸਕਦਾ। ਵਿਸ਼ਵ ਵਿਚ ਵਿਚਰਦਿਆਂ ਆਪਣੇ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਅਗਵਾਈ ਹੀ ਮਨੁੱਖ ਨੂੰ ਆਪਣੇ ਵਿਸ਼ੇਸ਼ ਹੋਣ ਦਾ ਮਾਣ ਦਿਵਾ ਸਕਦੀ ਹੈ।
ਸਿੱਖ ਕੌਮ ਦੇ ਇਤਿਹਾਸਕ, ਸਿਧਾਂਤਕ ਅਤੇ ਵਿਰਾਸਤੀ ਗੁਣਾਂ ਦੀ ਅਮੀਰੀ ਦਾ ਮਾਣ ਹਰ ਸਿੱਖ ਨੂੰ ਸਵੈਮਾਣ ਅਤੇ ਇੱਜ਼ਤ ਨਾਲ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਸਿੱਖ ਵਿਚਾਰਧਾਰਾ ਅੱਜ ਪੂਰੀ ਦੁਨੀਆ ਵਿਚ ਇਕ ਉਦਾਹਰਨ ਵਜੋਂ ਹੈ ਅਤੇ ਇਸੇ 'ਤੇ ਅਮਲ ਕਰਕੇ ਸਿੱਖ ਕੌਮ ਨੇ ਆਪਣੇ ਖ਼ਾਲਸਈ ਸਰੂਪ ਨੂੰ ਵਿਸ਼ਵ ਵਿਚ ਉਭਾਰਿਆ ਹੈ। ਵੱਖ-ਵੱਖ ਸਮਿਆਂ ਵਿਚ ਆਈਆਂ ਮੁਸੀਬਤਾਂ ਸਮੇਂ ਖ਼ਾਲਸਾ ਪੰਥ ਨੇ ਪੀੜਤ ਮਾਨਵਤਾ ਨਾਲ ਖੜ੍ਹ ਕੇ ਇਹ ਸਿੱਧ ਕੀਤਾ ਹੈ ਕਿ ਮਨੁੱਖੀ ਬਰਾਬਰਤਾ ਅਤੇ ਇਕਸਾਰਤਾ ਦਾ ਜੋ ਪਾਠ ਖ਼ਾਲਸੇ ਨੂੰ ਗੁਰੂ ਸਾਹਿਬ ਨੇ ਪੜ੍ਹਾਇਆ ਉਹ ਵਿਸ਼ਵ ਦੇ ਧਰਮ ਇਤਿਹਾਸ ਵਿਚ ਮੋਹਰੀ ਹੈ, ਵਿਲੱਖਣ ਹੈ। ਅੱਜ ਸਿੱਖ ਨੌਜੁਆਨੀ ਨੂੰ ਆਪਣੇ ਇਸ ਖ਼ਾਲਸਈ ਵਿਰਸੇ ਪ੍ਰਤੀ ਜਾਗਰੂਕ ਅਤੇ ਸੁਚੇਤ ਕਰਦੇ ਰਹਿਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਬਣ ਜਾਂਦਾ ਹੈ, ਕਿਉਂਕਿ ਵਰਤਮਾਨ ਸਮੇਂ ਤਕਨੀਕ ਅਤੇ ਸੰਚਾਰ ਸਾਧਨਾਂ ਦੀ ਤੇਜ਼ੀ ਮਨੁੱਖ ਨੂੰ ਨੈਤਿਕਤਾ ਨਾਲੋਂ ਤੋੜਨ ਵਾਲੇ ਪਾਸੇ ਲਿਜਾ ਰਹੀ ਹੈ। ਸਿੱਖੀ ਦੇ ਵਿਲੱਖਣ ਸਿਧਾਂਤ ਅਤੇ ਮਾਨਵ ਹਿਤਕਾਰੀ ਫਲਸਫਾ ਅਜੋਕੀਆਂ ਮਨੁੱਖੀ ਚਿੰਤਾਵਾਂ ਦੇ ਖਾਤਮੇ ਦਾ ਸਫਲ ਮਾਰਗ-ਦਰਸ਼ਕ ਹਨ। ਲੋੜ ਇਸ ਗੱਲ ਹੈ ਕਿ ਅਸੀਂ ਸਮੂਹਕ ਯਤਨਾਂ ਨਾਲ ਖ਼ਾਲਸਈ ਵਿਚਾਰਧਾਰਾ ਨੂੰ ਅੱਗੇ ਵਧਾਈਏ। ਸੋ ਆਓ, ਖ਼ਾਲਸਾ ਸਾਜਨਾ ਦਿਵਸ ਮੌਕੇ ਪ੍ਰਣ ਕਰੀਏ ਕਿ ਜਿਥੇ ਹਰ ਸਿੱਖ ਨੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦਾ ਧਾਰਨੀ ਬਣਨਾ ਹੈ, ਉਥੇ ਹੀ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ 'ਏਕੁ ਪਿਤਾ ਏਕਸ ਕੇ ਹਮ ਬਾਰਿਕ' ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾ ਕੇ ਮਾਨਵਤਾ ਲਈ ਮਦਦਗਾਰ ਬਣੇ ਰਹਿਣਾ ਹੈ।

-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

Ad Position 22
No active advertisement
ਪਿਛਲੀ ਖ਼ਬਰ ਸਿੱਖੀ ਦੀ ਆਨ, ਬਾਨ ਅਤੇ ਸ਼ਾਨ ਦਸਤਾਰ ਅਗਲੀ ਖ਼ਬਰ ਵਿਸਾਖੀ ਹੌਸਲੇ ਤੇ ਚੜ੍ਹਦੀ ਕਲਾ ਦਾ ਸੁਨੇਹਾ
Ad Position 24
No active advertisement