ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2022

ਧਰਮ ਇਤਿਹਾਸ ਦਾ ਅਦੁੱਤੀ ਪੰਨਾ : ਸਾਕਾ ਸਰਹਿੰਦ

Ad Position 21
No active advertisement
ਅਜੀਤ ਡੈਸਕ 21-12-2022

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਇਕ ਅਜਿਹਾ ਪੰਨਾ ਹੈ, ਜੋ ਦੁਖਦ ਹੁੰਦਾ ਹੋਇਆ ਵੀ ਗੁਰਮਤਿ ਜੀਵਨ-ਜੁਗਤਿ ਦੀ ਪ੍ਰੇਰਨਾ ਦਿੰਦਾ ਹੈ। ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਕਿਧਰੇ ਨਹੀਂ ਹੈ। ਧਰਮਾਂ ਦੇ ਇਤਿਹਾਸ ਵਿਚ ਸਾਕਾ ਸਰਹਿੰਦ ਇਕ ਨਿਵੇਕਲੀ ਘਟਨਾ ਹੈ, ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਰੋਹ ਦੀ ਅੱਗ ਨੂੰ ਹੋਰ ਤਿੱਖਾ ਕੀਤਾ। ਜਿਸ ਸਮੇਂ ਕਲਗੀਧਰ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਜ਼ਿੰਦਾ ਨੀਂਹਾਂ ਵਿਚ ਚਿਣ ਕੇ ਸ਼ਹੀਦ ਕੀਤਾ ਗਿਆ ਤਾਂ ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਬਹੁਤ ਛੋਟੀ ਸੀ, ਪਰੰਤੂ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੌੜ ਉਮਰ ਤੋਂ ਘੱਟ ਨਹੀਂ ਸੀ। ਸਾਹਿਬਜ਼ਾਦਿਆਂ ਨੇ ਜਿਸ ਦਲੇਰੀ, ਸਿਦਕਦਿਲੀ ਅਤੇ ਜ਼ਿੰਦਾਦਿਲੀ ਨਾਲ ਸੂਬੇ ਦੀ ਕਚਹਿਰੀ ਵਿਚ ਸਵਾਲਾਂ ਦੇ ਜਵਾਬ ਦਿੱਤੇ, ਉਸ ਵਲੋਂ ਧਰਮ ਛੱਡਣ ਖ਼ਾਤਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਨੂੰ ਕਬੂਲ ਕੀਤਾ, ਉਸ ਦਾ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਕੋਈ ਮੁਕਾਬਲਾ ਨਹੀਂ ਮਿਲਦਾ। ਕਹਿਰ ਦੀ ਠੰਢੀ ਰਾਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖ਼ਾਲਸੇ ਸਮੇਤ ਸ੍ਰੀ ਅਨੰਦਪੁਰ ਛੱਡਣਾ, ਸਰਸਾ ਨੇ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ-ਖੇਰੂੰ ਹੋਣਾ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ। ਸਰਸਾ ਨਦੀ ਨੂੰ ਪਾਰ ਕਰਨ ਤੋਂ ਬਾਅਦ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਆਪ ਦੇ ਮਾਤਾ ਜੀ, ਸਾਹਿਬਜ਼ਾਦੇ ਅਤੇ ਆਪ ਜੀ ਦੇ ਮਹਿਲ ਸਭ ਵਿਛੜ ਗਏ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਗੁਰੂ-ਘਰ ਦੇ ਰਸੋਈਏ ਗੰਗੂ ਨਾਲ ਉਸ ਦੇ ਪਿੰਡ ਖੇੜੀ (ਸਹੇੜੀ) ਚਲੇ ਗਏ। ਮਾਤਾ ਜੀ ਕੋੋਲ ਸੋਨੇ ਦੀਆਂ ਮੋਹਰਾਂ ਵੇਖ ਅਤੇ ਸਰਕਾਰੀ ਇਨਾਮ ਦੇ ਲਾਲਚ 'ਚ ਗੰਗੂ ਡੋਲ ਗਿਆ। ਗੰਗੂ ਵਲੋਂ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨਾਲ ਕੀਤੇ ਵਿਸ਼ਵਾਸਘਾਤ ਬਾਰੇ ਅੱਲਾ ਯਾਰ ਖਾਂ ਜੋਗੀ ਲਿਖਦੇ ਹਨ:
ਬਦਜ਼ਾਤ ਬਦ-ਸਿਫਾਤ ਵਹੁ ਗੰਗੂ ਨਮਕ-ਹਰਾਮ।
ਟੁਕੜੋਂ ਪੇ ਸਤਗੁਰੂ ਕੇ ਜੋ ਪਲਤਾ ਰਹਾ ਮੁਦਾਮ।
ਦੁਨੀਆ ਮੇਂ ਅਪਨੇ ਨਾਮ ਕੋ ਬਦਨਾਮ ਕਰ ਗਇਆ।
ਦੁਸ਼ਮਨ ਭੀ ਜੁ ਨ ਕਰਤਾ ਵਹੁ ਯਿ ਕਾਮ ਕਰ ਗਇਆ।
ਗੰਗੂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਖ਼ਬਰ ਮੋਰਿੰਡੇ ਥਾਣੇ ਜਾ ਦਿੱਤੀ, ਜਿਥੇ ਸਾਹਿਬਜ਼ਾਦਿਆਂ ਨੂੰ ਮਾਤਾ ਜੀ ਸਮੇਤ ਗ੍ਰਿਫ਼ਤਾਰ ਕਰਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹਵਾਲੇ ਕੀਤਾ ਗਿਆ। ਸੂਬੇਦਾਰ ਵਜ਼ੀਰ ਖਾਨ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਢੇ ਬੁਰਜ ਵਿਚ ਕੈਦ ਕਰ ਦਿੱਤਾ। ਕਹਿਰ ਦੀ ਸੀਤ ਵਿਚ ਭੁੱਖੇ ਭਾਣੇ ਸਾਹਿਬਜ਼ਾਦੇ ਸਾਰੀ ਰਾਤ ਦਾਦੀ ਮਾਂ ਦੀ ਗੋਦ ਵਿਚ ਬੈਠੇ ਗੁਰੂ ਪਿਤਾ ਦੀ ਸੂਰਮਗਤੀ, ਦਾਦਿਆਂ-ਪੜਦਾਦਿਆਂ ਦੀ ਕੁਰਬਾਨੀ ਦੀਆਂ ਬਾਤਾਂ ਸੁਣਦੇ ਸਿੱਖੀ ਅਸੂਲਾਂ 'ਤੇ ਦ੍ਰਿੜ੍ਹ ਰਹਿਣ ਲਈ ਸਿੱਖਿਆ ਲੈਂਦੇ ਰਹੇ। ਦਿਨ ਚੜ੍ਹਦਿਆਂ ਸਾਹਿਬਜ਼ਾਦਿਆਂ ਨੂੰ ਕਚਹਿਰੀ 'ਚ ਪੇਸ਼ ਕਰਨ ਦਾ ਹੁਕਮ ਹੋਇਆ। ਸਾਹਿਬਜ਼ਾਦੇ ਬੁਲੰਦ ਹੌਸਲੇ ਵਿਚ ਸਨ। ਮਾਤਾ ਗੁਜਰੀ ਜੀ ਨੇ ਬੱਚਿਆਂ ਨੂੰ ਤਿਆਰ ਕੀਤਾ। ਸਾਹਿਬਜ਼ਾਦਿਆਂ ਨੂੰ ਕਚਹਿਰੀ 'ਚ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪਹਿਲਾਂ ਧਨ, ਦੌਲਤ, ਜਗੀਰਾਂ, ਸ਼ਾਹੀ ਡੋਲੀਆਂ ਦੇ ਲਾਲਚ ਦੇ ਕੇ ਇਸਲਾਮ ਧਰਮ ਧਾਰਨ ਕਰਨ ਲਈ ਕਿਹਾ ਗਿਆ, ਫਿਰ ਸਰੀਰਕ ਕਸ਼ਟ ਤੇ ਮੌਤ ਦੇ ਡਰਾਵੇ ਦਿੱਤੇ ਗਏ। ਪਰੰਤੂ ਕੋਮਲ ਜਿੰਦਾਂ ਦੇ ਚਿਹਰਿਆਂ 'ਤੇ ਸਿੱਖੀ ਪਿਆਰ, ਬੀਰਤਾ ਤੇ ਜੁਰੱਅਤ ਪ੍ਰਤੱਖ ਦਿਸ ਰਹੀ ਸੀ। ਸਾਹਿਬਜ਼ਾਦਿਆਂ ਦੇੇ ਅਡੋਲ ਚਿੱਤ ਰਹਿੰਦਿਆਂ ਰੋਅਬ ਭਰੇ ਜਵਾਬਾਂ ਨੇ ਸਭ ਨੂੰ ਕੰਬਣੀ ਛੇੜ ਦਿੱਤੀ।
ਸਾਹਿਬਜ਼ਾਦਿਆਂ ਨੂੰ ਇਸਲਾਮ ਧਾਰਨ ਕਰਵਾਉਣ ਲਈ ਲਗਾਤਾਰ ਲਾਲਚ, ਡਰਾਵੇ ਅਤੇ ਧਮਕੀਆਂ ਦਾ ਦੌਰ ਚਲਦਾ ਰਿਹਾ। ਪੇਸ਼ ਨਾ ਜਾਂਦੀ ਵੇਖ ਕੇ ਮੁੱਲਾਂ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸਚਿਤ ਕਰਨ ਲਈ ਕਿਹਾ ਗਿਆ, ਜਿਸ 'ਤੇ ਉਨ੍ਹਾਂ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾਇਆ। ਇੰਝ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਨੇ ਲਾਸਾਨੀ ਸ਼ਹਾਦਤ ਪ੍ਰਾਪਤ ਕਰਕੇ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਪੰਨਾ ਸਿਰਜਿਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਠੰਢੇ ਬੁਰਜ ਵਿਚ ਗੁਰਪੁਰੀ ਪਿਆਨਾ ਕਰ ਗਏ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਖਰੀਦੀ, ਜਿਸ ਸਥਾਨ 'ਤੇ ਗੁਰਦੁਆਰਾ ਜੋਤੀ ਸਰੂਪ ਸੁਭਾਇਮਾਨ ਹੈ। ਇਹ ਸ਼ਹਾਦਤਾਂ ਸਾਨੂੰ ਸਿੱਖ ਧਰਮ ਦੀਆਂ ਉਚੀਆਂ-ਸੁੱਚੀਆਂ ਕਦਰਾਂ ਕੀਮਤਾਂ 'ਤੇ ਪਹਿਰਾ ਦੇਣ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਆ ਰਹੀਆਂ ਹਨ।
ਸੋ ਆਓ, ਇਨ੍ਹਾਂ ਮਹਾਨ ਸ਼ਹਾਦਤਾਂ ਨੂੰ ਸਤਿਕਾਰ ਭੇਟ ਕਰਦਿਆਂ ਕੌਮ ਦੀ ਨੌਜੁਆਨੀ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ, ਪਰੰਪਰਾਵਾਂ, ਸਿਧਾਂਤਾਂ ਅਤੇ ਗੁਰਬਾਣੀ ਦੀ ਅੰਮ੍ਰਿਤਮਈ ਵਿਚਾਰਧਾਰਾ ਨਾਲ ਜੋੜੀਏ।


-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਾਕਾ ਅਗਲੀ ਖ਼ਬਰ ਸ਼ਹਾਦਤ ਦੀਆਂ ਅਮਿਟ ਪੈੜਾਂ ਛੱਡਣ ਵਾਲੇ ਵੱਡੇ ਸਾਹਿਬਜ਼ਾਦੇ
Ad Position 24
No active advertisement