ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਚਮਕਦੇ ਸੂਰਜ ਦੀ ਤਰ੍ਹਾਂ ਹੈ। ਆਪ ਜੀ ਦਾ ਪ੍ਰਕਾਸ਼ ਰਾਏ ਭੋਇ ਦੀ ਤਲਵੰਡੀ, ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ। ਗੁਰੂ ਸਾਹਿਬ ਦੇ ਆਗਮਨ ਨਾਲ ਮਾਨਵਤਾ ਨੂੰ ਅੰਮ੍ਰਿਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ ਵਿਗਿਆਨਕ ਆਦਿ ਖੇਤਰਾਂ ਅੰਦਰ ਇਕ ਕ੍ਰਾਂਤੀਕਾਰੀ ਲੋਅ ਚਮਕੀ। ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸਮਾਜ ਅੰਦਰ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ। ਧਾਰਮਿਕ ਆਗੂਆਂ ਦੇ ਸਤਾਏ ਹੋਏ ਲੋਕ ਅਜਿਹੇ ਆਸਰੇ ਦੀ ਭਾਲ ਵਿਚ ਸਨ, ਜਿਥੋਂ ਉਨ੍ਹਾਂ ਨੂੰ ਜੀਵਨ ਦਾ ਸਹੀ ਮਾਰਗ ਪ੍ਰਾਪਤ ਹੋ ਸਕੇ। ਇਸ ਅਧੋਗਤੀ ਦੇ ਸਮੇਂ ਅੰਦਰ ਜਿਥੇ ਲੋਕਾਈ ਵਹਿਮਾਂ-ਭਰਮਾਂ ਅਤੇ ਪਖੰਡਵਾਦ ਵਿਚ ਫਸੀ ਹੋਈ ਸੀ, ਉਥੇ ਹੀ ਧਰਮ ਦੇ ਨਾਂਅ 'ਤੇ ਮਾਨਵਤਾ ਨੂੰ ਵੰਡਣ ਦਾ ਬੋਲਬਾਲਾ ਵੀ ਸੀ। ਵਰਣ-ਵੰਡ ਅਤੇ ਛੂਤ-ਛਾਤ ਸਿਖ਼ਰਾਂ 'ਤੇ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਸਾਰ 'ਤੇ ਆਗਮਨ ਨਾਲ ਮਨੁੱਖਤਾ ਨੂੰ ਇਕ ਠੰਢਾ ਅਹਿਸਾਸ ਹੋਇਆ। ਸਮਾਜਿਕ ਅਧੋਗਤੀ ਦਾ ਵਰਨਣ ਕਰਦਿਆਂ ਗੁਰੂ ਸਾਹਿਬ ਨੇ ਪਾਵਨ ਗੁਰਬਾਣੀ ਵਿਚ ਫੁਰਮਾਇਆ ਹੈ:
ਕਲਿ ਕਾਤੀ ਰਾਜੇ ਕਾਸਾਈ
ਧਰਮੁ ਪੰਖ ਕਰਿ ਉਡਰਿਆ॥
ਕੂੜੁ ਅਮਾਵਸ ਸਚੁ ਚੰਦ੍ਰਮਾ
ਦੀਸੈ ਨਾਹੀ ਕਹ ਚੜਿਆ॥
(ਅੰਗ 145)
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗਦਰਸ਼ਨ ਕੀਤਾ। ਆਪ ਜੀ ਦੀ ਵਿਚਾਰਧਾਰਾ ਨੇ ਇਨਸਾਨ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿਚ ਧਰਮ ਦਾ ਸਹੀ ਸਥਾਨ ਨਿਸਚਿਤ ਕੀਤਾ ਅਤੇ ਧਰਮ 'ਤੇ ਸਮਾਜ ਦੀ ਨਿਰਭਰਤਾ ਨੂੰ ਸਪੱਸ਼ਟ ਕੀਤਾ। ਉਨ੍ਹਾਂ ਭਾਰਤੀ ਸਮਾਜ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ੍ਹਾਂ ਦੇ ਢੁਕਵੇਂ, ਸਾਵੇਂ ਤੇ ਸਪੱਸ਼ਟ ਹੱਲ ਦੱਸੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜ੍ਹਿਆਂ ਤੇ ਵਿਚਾਰਿਆਂ ਇਸ ਗੱਲ ਦਾ ਪਤਾ ਲੱਗਦਾ ਹੈ ਕਿ ਉਨ੍ਹਾਂ ਮਨੁੱਖੀ ਜੀਵਨ ਨੂੰ ਆਦਰਸ਼ਕ ਬਣਾਉਣ ਲਈ ਇਸ ਦੀ ਹਰ ਪੱਖ ਤੋਂ ਅਗਵਾਈ ਕੀਤੀ। ਆਪ ਜੀ ਨੇ ਉਹ ਵਿਚਾਰਧਾਰਾ ਦਿੱਤੀ, ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚਲਦੀ ਹੈ। ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਅਤੇ ਸਿਧਾਂਤਾਂ ਨੇ ਹਿੰਦੁਸਤਾਨ ਦੇ ਇਤਿਹਾਸ ਨੂੰ ਬਦਲ ਕੇ ਰੱਖ ਦਿੱਤਾ ਅਤੇ ਇਕ ਨਵੇਂ ਯੁਗ ਦੀ ਸ਼ੁਰੂਆਤ ਹੋਈ।
ਉਨ੍ਹਾਂ ਨੇ ਮਨੁੱਖ ਨੂੰ ਸੱਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ। ਗੁਰੂ ਸਾਹਿਬ ਵਲੋਂ ਸੁਝਾਇਆ ਇਹ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ 'ਤੇ ਆਧਾਰਤ ਹੈ। ਆਪ ਜੀ ਨੇ ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀ ਸੇਧ ਦੇਣ ਵਾਲੇ ਹਨ।
ਇਸ ਦੇ ਨਾਲ ਹੀ ਸਮਾਜ ਅੰਦਰ ਤ੍ਰਿਸਕਾਰੀ ਜਾ ਰਹੀ ਇਸਤਰੀ ਸ਼੍ਰੇਣੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉੱਚਾ ਸਨਮਾਨ ਦਿੱਤਾ ਅਤੇ ਉਨ੍ਹਾਂ ਦੇ ਹੱਕਾਂ, ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ। ਅਸਲ ਵਿਚ ਉਸ ਸਮੇਂ ਹਿੰਦੁਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਆਪ ਜੀ ਨੇ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ 'ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ੍ਹਾ ਕੀਤਾ। ਇਸ ਸੰਬੰਧ ਵਿਚ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਇਸ ਤਰ੍ਹਾਂ ਫੁਰਮਾਇਆ:
ਭੰਡਿ ਜੰਮੀਐ ਭੰਡਿ ਨਿੰਮੀਐ
ਭੰਡਿ ਮੰਗਣੁ ਵੀਆਹੁ॥
ਭੰਡਹੁ ਹੋਵੈ ਦੋਸਤੀ
ਭੰਡਹੁ ਚਲੈ ਰਾਹੁ॥
ਭੰਡੁ ਮੁਆ ਭੰਡੁ ਭਾਲੀਐ
ਭੰਡਿ ਹੋਵੈ ਬੰਧਾਨੁ॥
ਸੋ ਕਿਉ ਮੰਦਾ ਆਖੀਐ
ਜਿਤੁ ਜੰਮਹਿ ਰਾਜਾਨ॥ (ਅੰਗ 473)
ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਆਪ ਜੀ ਧਰਮ, ਦਰਸ਼ਨ ਸ਼ਾਸਤਰ ਦੇ ਖੇਤਰ ਵਿਚ ਵੀ ਇਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਸਨ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਤੇ ਉਪਦੇਸ਼ਾਂ ਨੇ ਲੋਕਾਂ ਨੂੰ ਉਸਾਰੂ ਜੀਵਨ ਜਾਚ ਦੇ ਸਨਮੁੱਖ ਕੀਤਾ ਅਤੇ ਇਸੇ ਦਾ ਹੀ ਕਾਰਨ ਸੀ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਲੋਕਾਂ ਨੇ ਸਿਰਮੱਥੇ ਪ੍ਰਵਾਨ ਕੀਤਾ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਦਾ ਨਿਵੇਕਲੀ ਹੈ, ਜਿਸ ਨੂੰ ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫਿਰਕੇ ਨਾਲ ਸੰਬੰਧਿਤ ਲੋਕ ਸਤਿਕਾਰਦੇ ਹਨ ਅਤੇ ਅਗਾਂਹ ਵੀ ਸਤਿਕਾਰਦੇ ਰਹਿਣਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਪ੍ਰਕਾਸ਼ ਪੁਰਬ ਮੌਕੇ ਜਿਥੇ ਅਸੀਂ ਆਪਣਾ ਜੀਵਨ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਤੀਤ ਕਰਨ ਦਾ ਪ੍ਰਣ ਕਰਨਾ ਹੈ, ਉਥੇ ਹੀ ਸਾਡੇ ਸਾਰਿਆਂ ਦਾ ਇਹ ਫਰਜ਼ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਬਖਸ਼ੇ ਫਲਸਫ਼ੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।
ਅੰਤ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ 'ਚ ਵੱਸਦੀ ਸੰਗਤ ਨੂੰ ਹਾਰਦਿਕ ਮੁਬਾਰਕਬਾਦ।
-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।