ਜਲੰਧਰ, 4 ਜੂਨ (ਪਵਨ ਖਰਬੰਦਾ)-ਘੱਲੂਘਾਰਾ ਸ਼ਹੀਦੀ ਸਮਾਗਮ ਭਾਵੇਂ ਇਕ ਧਾਰਮਿਕ ਸਮਾਗਮ ਹੈ, ਪ੍ਰੰਤੂ ਪੰਜਾਬ ਪੁਲਿਸ ਵਲੋਂ ਇਸ ਸਮਾਗਮ ਦੌਰਾਨ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਜਾਣਗੇ ਤੇ ਇਸ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਵਲੋਂ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ | ਇਸ ਦੇ ਨਾਲ ਹੀ ਘੱਲੂਘਾਰਾ ਸਮਾਗਮ ਮੌਕੇ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਦੀ ਆਈ.ਐੱਸ.ਆਈ. ਦੀ ਹਰਕਤ 'ਤੇ ਵੀ ਪੂਰੀ ਨਜ਼ਰ ਰੱਖੀ ਜਾਵੇਗੀ, ਕਿਉਂਕਿ ਪੰਜਾਬ ਦੇ ਆਪਸੀ ਭਾਈਚਾਰੇ ਦਾ ਮਾਹੌਲ ਖ਼ਰਾਬ ਕਰਨ ਲਈ ਪਾਕਿਸਤਾਨ ਵਲੋਂ ਕੋਈ ਵੀ ਸ਼ਰਾਰਤੀ ਹਰਕਤ ਕੀਤੀ ਜਾ ਸਕਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪੁਲਿਸ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਪੀ.ਏ.ਪੀ. ਵਿਖੇ ਵੱਖ-ਵੱਖ ਜ਼ਿਲਿ੍ਹਆਂ ਦੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਹੋਰ ਕਈ ਮੁੱਦਿਆਂ 'ਤੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਮੁੱਖ ਮੰਤਵ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਸੂਬੇ ਦੇ ਲੋਕਾਂ ਦੀ ਮਦਦ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਪੰਜਾਬ 'ਚ ਕਈ ਥਾਵਾਂ 'ਤੇ ਦਵਾਈਆਂ ਦੀਆਂ ਕਈ ਵੱਡੀਆਂ ਦੁਕਾਨਾਂ ਅਤੇ ਮੁਹੱਲਿਆਂ 'ਚ ਖੁੱਲ੍ਹੀਆਂ ਹੋਈਆਂ ਦਵਾਈਆਂ ਦੀਆਂ ਕਈ ਦੁਕਾਨਾਂ 'ਤੇ ਵੀ ਨਸ਼ੀਲੀਆਂ ਗੋਲੀਆਂ ਵੇਚੀਆਂ ਜਾ ਰਹੀਆਂ ਹਨ, ਜਿਸ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਮੌਕੇ ਡੀ.ਜੀ.ਪੀ. ਦੇ ਨਾਲ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ, ਵਿਸ਼ੇਸ਼ ਡੀ.ਜੀ.ਪੀ. ਐਂਟੀ-ਨਾਰਕੋਟਿਕਸ ਫੋਰਸ (ਏ.ਐਨ.ਟੀ.ਐਫ.) ਕੁਲਦੀਪ ਸਿੰਘ, ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਅਤੇ ਆਈ.ਜੀ.ਪੀ. ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਤੇ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਵੀ ਹਾਜ਼ਰ ਸਨ |