ਕਿਹਾ-ਕੇਂਦਰ ਸਰਕਾਰ ਸੰਕਟ ਦੀ ਇਸ ਘੜੀ 'ਚ ਪੰਜਾਬ ਦੇ ਨਾਲ ਖੜ੍ਹੀ, ਪੀੜਤਾਂ ਦੀ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ-ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ/ ਗੁਰਦਾਸਪੁਰ/ ਤਾਰਾਗੜ੍ਹ/ ਮਾਧੋਪੁਰ, 3 ਸਤੰਬਰ (ਹੀਰਾ ਸਿੰਘ ਮਾਂਗਟ, ਚੱਕਰਾਜਾ, ਸੋਹਨ ਲਾਲ/ਮਹਿਰਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ ਤੇ ਬਹਿਰਾਮਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਤੇ ਪੀੜਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ | ਰਾਜਪਾਲ ਕਟਾਰੀਆ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਜਦੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹੇ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ | ਅਧਿਕਾਰੀਆਂ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ 'ਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕਜੁਟਤਾ ਦਿਖਾਈ ਹੈ, ਉਹ ਆਪਣੇ-ਆਪ 'ਚ ਮਿਸਾਲ ਹੈ | ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਤੇ ਉਨ੍ਹਾਂ ਨੂੰ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ | ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫ਼ੈਲਣ ਨੂੰ ਰੋਕਣ ਲਈ ਵੱਧ ਤੋਂ ਵੱਧ ਥਾਵਾਂ 'ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਮਿਡਲ ਸਕੂਲ ਨੜ੍ਹਾਂਵਾਲੀ ਵਿਖੇ ਰਾਹਤ ਕੈਂਪ ਦਾ ਦੌਰਾ ਵੀ ਕੀਤਾ ਤੇ ਬੇਘਰ ਹੋਏ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਉਨ੍ਹਾਂ ਦੇ ਪਸ਼ੂਆਂ ਦੀ ਸੁਰੱਖਿਆ ਬਾਰੇ ਪੁੱਛਗਿੱਛ ਕੀਤੀ |
ਹਲਕਾ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ
ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਹੜ੍ਹ ਪ੍ਰਭਾਵਿਤ ਬਹਿਰਾਮਪੁਰ ਖੇਤਰ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਥਿਤੀ ਤੋਂ ਜਾਣੂ ਕਰਵਾਇਆ | ਰਾਜਪਾਲ ਨੇ ਕਿਹਾ ਕਿ ਅਸੀਂ ਸਾਰੇ ਰਲਮਿਲ ਕੇ ਇਸ ਸੰਕਟ 'ਤੇ ਜ਼ਰੂਰ ਕਾਬੂ ਪਾ ਲਵਾਂਗੇ | ਇਲਾਕੇ ਦੇ ਲੋਕਾਂ ਦੀ ਮਕੌੜਾ ਪੱਤਣ 'ਤੇ ਰਾਵੀ ਦਰਿਆ 'ਤੇ ਪੱਕਾ ਪੁਲ ਬਣਾਉਣ ਦੀ ਮੰਗ 'ਤੇ ਰਾਜਪਾਲ ਨੇ ਕਾਰਵਾਈ ਦਾ ਭਰੋਸਾ ਦਿੱਤਾ | ਇਨ੍ਹਾਂ ਦੌਰਿਆਂ ਦੌਰਾਨ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਰਾਜਪਾਲ ਪੰਜਾਬ ਦੇ ਪਿ੍ੰਸੀਪਲ ਸਕੱਤਰ ਵੀ.ਪੀ. ਸਿੰਘ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਨਾਨਕ ਸਿੰਘ, ਪੁਲਿਸ ਮੁਖੀ ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ ਡਾ: ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਤੇ ਐਸ.ਡੀ.ਐਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਹਾਜ਼ਰ ਸਨ |
ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪੰਜਾਬੀਆਂ ਦੀ ਇਕਜੁੱਟਤਾ ਦੀ ਕੋਈ ਮਿਸਾਲ ਨਹੀਂ-ਰਾਜਪਾਲ
ਅਜੀਤ ਡੈਸਕ
04-09-2025