ਹਰੀਕੇ ਪੱਤਣ, 3 ਸਤੰਬਰ (ਸੰਜੀਵ ਕੁੰਦਰਾ)-ਸੀਨੀਅਰ 'ਆਪ' ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਹਰੀਕੇ ਪੱਤਣ ਨਜ਼ਦੀਕ ਪਿੰਡ ਮਰੜ ਤੇ ਪਿੰਡ ਕਿੜੀਆਂ ਅਤੇ ਹਰੀਕੇ ਹਥਾੜ ਖੇਤਰ 'ਚ ਧੁੱਸੀ ਬੰਨ੍ਹ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈ.ਟੀ.ਓ. ਸਨ | ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਹਮੇਸ਼ਾਂ ਬਹਾਦਰੀ ਅਤੇ ਦਰਿਆਦਿਲੀ ਦੀ ਮਿਸਾਲ ਪੇਸ਼ ਕੀਤੀ ਹੈ ਅਤੇ ਅੱਜ ਪੰਜਾਬ ਨੂੰ ਕੁਦਰਤੀ ਮਾਰ ਦੀ ਔਖੀ ਘੜੀ 'ਚ ਮਦਦ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਕਦਮ ਨਾਲ ਕਦਮ ਮਿਲਾ ਕੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਅੱਗੇ ਆਉਣਾ ਚਾਹੀਦਾ ਹੈ | ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਜ਼ਰੂਰੀ ਵਸਤਾਂ ਅਤੇ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ |